ਬਰਨਾਲਾ, 27 ਅਗਸਤ (ਬਾਜ ਰਟੋਲ)- ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਬੇਰੁਜ਼ਗਾਰੀ ਦੇ ਖ਼ਾਤਮੇ ਲਈ ਸ਼ੁਰੂ ਕੀਤੇ ਗਏ ‘ਘਰ ਘਰ ਰੁਜ਼ਗਾਰ’ ਮਿਸ਼ਨ ਦੇ ਤਹਿਤ ਜ਼ਿਲ੍ਹੇ ਦੇ ਹੁਨਰਮੰਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁਗ ਵਲੋਂ ਸਵੈ-ਰੁਜ਼ਗਾਰ ਦੇ ਟੀਚਿਆਂ ਨੂੰ ਪੂਰਾ ਕਰਨ ਨੂੰ ਲੈ ਕੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਵਿਸ਼ੇਸ਼ ਬੈਠਕ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਮੈਡਮ ਰੂਹੀ ਦੁਗ ਨੇ ਦਸਿਆ ਕਿ 11 ਸਤੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਖ-ਵਖ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਦਸ-ਦਸ ਕੰਪਨੀਆਂ ਨੂੰ ਇਸ ਰੁਜ਼ਗਾਰ ਮੇਲੇ ਵਿਚ ਸ਼ਾਮਲ ਕੀਤਾ ਜਾਵੇ ਅਤੇ ਕੰਪਨੀਆਂ ਨਾਲ ਤਾਲਮੇਲ ਕਰਕੇ ਇਸ ਰਿਪੋਰਟ 4 ਸਤੰਬਰ ਤਕ ਭੇਜੀ ਜਾਵੇ।