May 2, 2026 12:50 pm

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਰਤਨ ਦੀ ਉਪਾਧੀ ਨਾਲ ਸਨਮਾਨਿਤ

ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਬਾਬਾ ਬਲਬੀਰ ਸਿੰਘ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ

ਪਟਨਾ ਸਾਹਿਬ/ਅੰਮ੍ਰਿਤਸਰ, 6 ਸਤੰਬਰ- ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੂੰ ‘ਸ਼੍ਰੋਮਣੀ ਪੰਥ ਰਤਨ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਖ਼ਾਲਸਾ ਨੇ ਦਿੱਤਾ। ਸਨਮਾਨ ਦੇਣ ਸਮੇਂ ਗਿਆਨੀ ਇਕਬਾਲ ਸਿੰਘ ਦੇ ਨਾਲ ਭਾਈ ਰਾਜਿੰਦਰ ਸਿੰਘ ਮੁੱਖ ਗ੍ਰੰਥੀ, ਭਾਈ ਬਲਦੇਵ ਸਿੰਘ, ਭਾਈ ਦਲੀਪ ਸਿੰਘ, ਭਾਈ ਗੁਰਵਿੰਦਰ ਸਿੰਘ ਵੀ ਮੌਜੂਦ ਸਨ। ਬਾਬਾ ਬਲਬੀਰ ਸਿੰਘ ਨੂੰ ਸਨਮਾਨ ਵਿਚ ਤਖ਼ਤ ਸਾਹਿਬ ਵੱਲੋਂ ਇਕ ਚਾਂਦੀ ਦੀ ਵਿਸ਼ੇਸ਼ ਤਸ਼ਤਰੀ, ਸਿਰੋਪਾਓ, ਲੋਈ ਅਤੇ ਸ੍ਰੀ ਸਾਹਿਬ ਦੇ ਕੇ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਮਿਲ ਚੁੱਕਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਹੋਏ ਸਨਮਾਨ ਸਮਾਗਮ ਦੌਰਾਨ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਿਚ ਤਾਲਮੇਲ ਬਣਾਉਣ ਅਤੇ ਸ਼ਤਾਬਦੀਆਂ ਦੌਰਾਨ ਗੁਰਮਤਿ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਗੁਰਮਤਿ ਵਿਚਾਰਧਾਰਾ, ਸਿੱਖ ਸਿਧਾਂਤਾਂ ਅਤੇ ਸਿੱਖ ਇਤਿਹਾਸ ਨੂੰ ਪ੍ਰਚਾਰਨ ਤੇ ਪ੍ਰਸਾਰਨ ਵਿਚ ਵੀ ਬਾਖੂਬੀ ਭੂਮਿਕਾ ਨਿਭਾਈ ਹੈ। ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਿੱਖ ਮਾਰਸ਼ਲ ਆਰਟ ਗੱਤਕਾ ਅਤੇ ਘੋੜ ਸਵਾਰੀ ਲਈ ਸਿੱਖ ਨੌਜੁਆਨੀ ਨੂੰ ਮਾਰਗ ਦਰਸ਼ਨ ਦੇਣ ਦੇ ਨਾਲ-ਨਾਲ ਵਿਦਿਆ ਦੇ ਖੇਤਰ ਵਿਚ ਵੀ ਜ਼ਿਕਰਯੋਗ ਹਿੱਸਾ ਪਾਇਆ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਸ. ਮਹਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਬੀਬੀ ਕਮਲਜੀਤ ਕੌਰ, ਬੀਬੀ ਦਵਿੰਦਰ ਕੌਰ ਪੰਜੋਲੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਜਨ ਸਿੰਘ ਸ਼ੰਕਰਪੁਰਾ ਪਟਿਆਲਾ, ਬਾਬਾ ਹਰਚਰਨ ਸਿੰਘ ਲਾਡੀ ਨਾਨਕਸਰ ਕੁਟੀਆ ਪਟਿਅਲਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ ਕੀ, ਬਾਬਾ ਹਰਪ੍ਰੀਤ ਸਿੰਘ ਹਜੂਰੀਆ, ਗਿਆਨੀ ਗੁਰਵਿੰਦਰ ਸਿੰਘ ਭੂਰੀਵਾਲੇ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ ਬਟਾਲਾ, ਬਾਬਾ ਸਵਰਣ ਸਿੰਘ ਮਝੈਲ, ਬਾਬਾ ਜੋਗਾ ਸਿੰਘ ਗੰਡੂ ਥੇਹ ਵਾਲੇ, ਬਾਬਾ ਦਵਿੰਦਰ ਸਿੰਘ ਤਲਵੰਡੀ, ਬਾਬਾ ਸ਼ੇਰ ਸਿੰਘ ਸੀਬੀਆ, ਬਾਬਾ ਸਤਨਾਮ ਸਿੰਘ ਮਾਨਸਾ, ਬਾਬਾ ਨਿਰਵੈਰ ਸਿੰਘ ਮਨੀਮਾਜਰਾ, ਬਾਬਾ ਮੇਜਰ ਸਿੰਘ ਸੁਲਤਾਨਪੁਰ ਲੋਧੀ, ਬਾਬਾ ਪਿਆਰਾ ਸਿੰਘ ਮੋਹਾਲੀ, ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਰਣਯੋਧ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਨਰਿੰਦਰ ਸਿੰਘ ਆਦਿ ਹਾਜ਼ਰ ਸਨ।

Send this to a friend