ਕਰਤਾਰਪੁਰ ਲਾਂਘੇ ਦੀਆਂ ਉਮੀਦਾਂ ’ਤੇ ਵੀ ਫਿਰਿਆ ਪਾਣੀ
ਨਵੀਂ ਦਿੱਲੀ, 21 ਸਤੰਬਰ- ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿਚ ਇਸ ਮਹੀਨੇ ਦੇ ਅੰਤ ਵਿਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਰਦ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦੋਵਾਂ ਦੇਸ਼ਾਂ ਦਰਮਿਆਨ ਹੋਣ ਵਾਲੀ ਗਲਬਾਤ ‘ਤੇ ਵੀ ਰੋਕ ਲਗ ਗਈ ਹੈ।ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਹੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਸਿਤਾਨ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਲਈ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।ਸ਼ੁਕਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਵਾਪਰੀਆਂ ਘਟਨਾਵਾਂ ਕਾਰਨ ਪਾਕਿਸਤਾਨ ਦੇ ਦੋਹਰੇ ਮਾਪਦੰਡ ਉਜਾਗਰ ਹੋ ਗਏ ਹਨ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਹਿੰਸਕ ਵਾਰਦਾਤਾਂ ਕਰਕੇ ਹੀ ਭਾਰਤ ਹੁਣ ਪਾਕਿਸਤਾਨ ਨਾਲ ਕਿਸੇ ਵੀ ਕਿਸਮ ਦੀ ਗਲ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕਥਨੀ ਤੇ ਕਰਨੀ ਵਿਚ ਬਹੁਤ ਫਰਕ ਹੈ। ਬੁਲਾਰੇ ਨੇ ਪਾਕਿਸਤਾਨ ਵਲੋਂ ਅਤਵਾਦੀ ਬੁਰਹਾਨ ਵਾਨੀ ਦੇ ਨਾਂਅ ‘ਤੇ ਡਾਕ ਟਿਕਟ ਜਾਰੀ ਕਰਨ ‘ਤੇ ਵੀ ਇਤਰਾਜ਼ ਜਤਾਇਆ ਹੈ।ਭਾਰਤ ਨੇ ਤਾਜ਼ਾ ਹਿੰਸਾ ਪਿਛੇ ਪਾਕਿਸਤਾਨ ਦਾ ਹਥ ਹੋਣ ਦਾ ਤਰਕ ਵੀ ਦਿੱਤਾ ਹੈ।