ਭਲਕੇ ਸਾਰੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਫੌਜ ਨੂੰ ਚੌਕਸ ਰਹਿਣ ਲਈ ਆਖਿਆ
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ। ਕਿਸੇ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਸੂਬੇ ਦੀ ਸਹਾਇਤਾ ਵਾਸਤੇ ਫੌਜ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸੱਦੀ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਿਛਲੇ ਚਾਰ ਦਿਨਾਂ ਤੋਂ ਭਾਰੀ ਮੀਂਹ ਪੈਣ ਨਾਲ ਫਸਲਾਂ ਦੇ ਨੁਕਸਾਨ ਹੋਣ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਨੇ ਵਿੱਤ ਕਮਿਸ਼ਨਰ ਮਾਲ ਨੂੰ ਆਖਿਆ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਗਿਰਦਾਵਰੀ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਆਪੋ-ਆਪਣੇ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ ਤਾਂ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾ ਸਕੇ। ਮੀਟਿੰਗ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਮਾਲ ਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁਖ ਵਿਸ਼ੇਸ਼ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ.ਕਲਸੀ, ਵਿੱਤ ਕਮਿਸ਼ਨਰ ਮਾਲ ਐਮ.ਪੀ. ਸਿੰਘ, ਵਧੀਕ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸਤੀਸ਼ ਚੰਦਰਾ, ਵਧੀਕ ਮੁਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਪ੍ਰਮੁੱਖ ਸਕਤਰ ਜਲ ਸਰੋਤ ਜਸਪਾਲ ਸਿੰਘ, ਸਕੱਤਰ ਖਰਚਾ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਅਨਿੰਦਿਤਾ ਮਿੱਤਰਾ ਹਾਜ਼ਰ ਸਨ।