ਸੰਗਰੂਰ, 11 ਅਕਤੂਬਰ (ਭਗਵੰਤ ਸਿੰਘ ਚੰਦੜ੍ਹ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਲੋਕਾਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਥੋਰੀ ਨੇ ਸਮੂਹ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਖੂਨ ਦੇ ਰਿਸ਼ਤਿਆਂ ਵਿੱਚ ਮਾਤਾ ਪਿਤਾ ਵੱਲੋਂ ਬੱਚਿਆ ਦੇ ਨਾਮ ਹੋਣ ਵਾਲੀ ਰਜਿਸਟਰੀ ਵਿਚ ਸੈਕਸ਼ਨ 23 ਦਾ ਹਵਾਲਾ ਲਾਜ਼ਮੀ ਦਰਜ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬੱਚਾ ਰਜਿਸਟਰੀ ਕਰਵਾਉਣ ਤੋਂ ਬਾਅਦ ਆਪਣੇ ਮਾਤਾ-ਪਿਤਾ ਦੀ ਸੇਵਾ ਨਹੀਂ ਕਰਦਾ ਤਾਂ ਸੈਕਸ਼ਨ 23 ਤਹਿਤ ਮਾਤਾ ਪਿਤਾ ਵੱਲੋਂ ਬੱਚਿਆਂ ਦੇ ਨਾਮ ’ਤੇ ਤਬਦੀਲ ਕੀਤੀ ਮਲਕੀਅਤ ਨੂੰ ਰੱਦ ਕਰਵਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਬਕਾਇਆ ਇੰਤਕਾਲ ਕੇਸਾਂ, 47-ਏ ਦੇ ਕੇਸਾਂ, ਸਟੈਂਪ ਡਿਊਟੀ, ਤਕਸੀਮ ਕੇਸਾਂ ਆਦਿ ਦੀ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਮਾਲ ਵਿਭਾਗ ਨਾਲ ਸਬੰਧਤ ਬਕਾਇਆ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਪੱਧਰ ’ਤੇ ਮਾਲ ਵਿਭਾਗ ਦੇ ਰਿਕਵਰੀ ਅਤੇ ਵਸੂਲੀ ਕੇਸਾਂ ਦੀ ਪੜਤਾਲ ਕਰਨ ਦੇ ਆਦੇਸ਼ ਦਿੱਤੇ। ਸ਼੍ਰੀ ਥੋਰੀ ਨੇ ਸਮੂਹ ਐਸ.ਡੀ.ਐਮ. ਨੂੰ ਸੇਵਾ ਕੇਂਦਰਾਂ ’ਤੇ ਲੋਕਾਂ ਨੂੰ ਪ੍ਰਦਾਨ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਸਮੇਂ-ਸਮੇਂ ’ਤੇ ਖੁਦ ਪਹੁੰਚ ਕੇ ਜਾਇਜ਼ਾ ਲੈਣ ਦੀ ਹਦਾਇਤ ਕੀਤੀ, ਤਾਂ ਕਿ ਰਾਜ ਸਰਕਾਰ ਵੱਲੋਂ ਲੋਕ ਸੁਵਿਧਾਵਾਂ ਲਈ ਬਣਾਏ ਸੇਵਾ ਕੇਂਦਰ ਹੋਰ ਵਧੇਰੇ ਵਧੀਆ ਸੇਵਾਵਾਂ ਦੇਣ ਲਈ ਕਾਰਗਰ ਸਾਬਿਤ ਹੋ ਸਕਣ। ਉਨ੍ਹਾਂ ਕਿਹਾ ਕਿ ਹਰੇਕ ਸਬ ਡਵੀਜ਼ਨ ਪੱਧਰ ’ਤੇ ਸਕੂਲਾਂ, ਆਂਗਣਵਾੜੀ ਸੈਂਟਰਾਂ, ਨਗਰ ਕੌਂਸਲਾਂ ਆਦਿ ਦੀ ਕਾਰਗੁਜ਼ਾਰੀ ਦਾ ਵੀ ਨਿਰੀਖਣ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਆਉਂਦੇ ਦਿਨਾਂ ਵਿੱਚ ਯੋਜਨਾਬੱਧ ਢੰਗ ਨਾਲ ਛਾਪਾਮਾਰੀ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ. ਧੂਰੀ ਦੀਪਕ ਰੋਹੀਲਾ, ਐਸ.ਡੀ.ਐਮ. ਮਲੇਕੋਟਲਾ ਚਰਨਦੀਪ ਸਿੰਘ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਮਨਜੀਤ ਕੋਰ, ਐਸ.ਡੀ.ਐਮ. ਭਵਾਨੀਗੜ੍ਹ ਰਣਦੀਪ ਸਿੰਘ, ਸਹਾਇਕ ਕਮਿਸ਼ਨਰ ਇਨਾਇਤ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਅਰੁਣ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡੀਸੀ ਸੰਗਰੂਰ ਵੱਲੋਂ ਚਲਦੇ ਕਾਰਜਾਂ ਲਈ ਮੀਟਿੰਗ



