Skip to content
Independent perspectives. Global stories.
BREAKING

ਕੇਂਦਰ ਸਰਕਾਰ ਦਾ ਚੰਗਾ ਫੈਸਲਾ

Share this story

ਕੇਂਦਰ ਸਰਕਾਰ ਨੇ ਇਕ ਬੇਹਦ ਸ਼ਲਾਘਾਯੋਗ ਕਾਰਜ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਸਕੂਟਰ, ਮੋਟਰ ਸਾਈਕਲ ਚਲਾਉਣ ਸਮੇਂ ਹੈਲਮਟ ਪਹਿਨਣ ਤੋਂ ਛੋਟ ਦੇ ਦਿੱਤੀ ਹੈ। ਪਹਿਲਾਂ ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਕਿ ਸਿੱਖ ਬੀਬੀਆਂ ਸਮੇਤ ਸਭ ਨੂੰ ਹੈਲਮਟ ਪਹਿਨਣਾ ਜ਼ਰੂਰੀ ਕਰਾਰ ਦੇ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਸਿੱਖ ਬੀਬੀਆਂ ਅਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਵਿੱਚ ਇਸ ਵਿਰੋਧ ਪ੍ਰਦਰਸ਼ਨ ਦੇ ਦਬਾਅ ਕਾਰਨ ਹੀ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ ਹੈ। ਚੰਡੀਗੜ੍ਹ ਕਿਉਂਕਿ ਕੇਂਦਰ ਸ਼ਾਸਤ ਖੇਤਰ ਹੈ ਇਸ ਲਈ ਉਥੇ ਕੇਂਦਰ ਸਰਕਾਰ ਦੇ ਹੁਕਮ ਹੀ ਚਲਦੇ ਹਨ। ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਚੰਡੀਗੜ੍ਹ ਦੀਆਂ ਸਿੱਖ ਸੰਗਤਾਂ ਅਤੇ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ ਅਹਿਮ ਭੂਮਿਕਾ ਨਿਭਾਈ ਗਈ ਹੈ। ਹੈਲਮੇਟ ਪਹਿਨਣਾ ਧਾਰਮਿਕ ਤੌਰ ’ਤੇ ਸਿੱਖ ਬੀਬੀਆਂ ਲਈ ਸੰਭਵ ਨਹੀਂ ਸੀ। ਇਹ ਇਕ ਤਰ੍ਹਾਂ ਨਾਲ ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਵਿੱਚ ਦਖਲ ਸੀ। ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਸਿੱਖਾਂ ਨੂੰ ਦਸਤਾਰ ਪਹਿਨਣ ਕਰਕੇ ਹੈਲਮੇਟ ਪਾਉਣ ਤੋਂ ਛੋਟ ਮਿਲੀ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਛੋਟ ਨਾ ਦੇਣਾ ਬਹੁਤ ਹੀ ਹੈਰਾਨੀਜਨਕ ਸੀ। ਇਸ ਕਾਰਨ ਹੀ ਸਿੱਖ ਭਾਈਚਾਰੇ ਵੱਲੋਂ ਇਸ ਮੁੱਦੇ ’ਤੇ ਜ਼ੋਰਦਾਰ ਅੰਦੋਲਨ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਬੰਧਤ ਨੋਟੀਫਿਕੇਸ਼ਨ ਵਾਪਿਸ ਲੈਣਾ ਪਿਆ। ਚੰਗਾ ਹੋਵੇਗਾ ਜੇਕਰ ਕੇਂਦਰ ਸਰਕਾਰ ਇਹ ਨਿਯਮ ਸਾਰੇ ਦੇਸ਼ ਵਿੱਚ ਲਾਗੂ ਕਰੇ। ਸਿੱਖ ਭਾਈਚਾਰੇ ਨੂੰ ਹੈਲਮੇਟ ਪਹਿਨਣ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਇਹ ਸਿੱਖ ਭਾਈਚਾਰੇ ਦੀ ਇਕ ਵੱਡੀ ਜਿੱਤ ਹੈ। ਜੇਕਰ ਸਮੁੱਚਾ ਸਿੱਖ ਭਾਈਚਾਰਾ ਇਸੇ ਤਰ੍ਹਾਂ ਇਕਜੁੱਟ ਹੋ ਕੇ ਅਜਿਹੇ ਹੋਰ ਮਸਲਿਆਂ ਬਾਰੇ ਆਵਾਜ਼ ਉਠਾਵੇ ਤਾਂ ਉਨ੍ਹਾਂ ਦੀ ਜਿੱਤ ਨੂੰ ਕੋਈ ਨਹੀਂ ਰੋਕ ਸਕਦਾ।
– ਬਲਜੀਤ ਸਿੰਘ ਬਰਾੜ

WRITTEN BY