ਫਤਿਹਗੜ੍ਹ ਸਾਹਿਬ, 15 ਅਕਤੂਬਰ (ਅਮਿਤ ਕੁਮਾਰ)- ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜਦਦ ਅਲਫਸਾਨੀ ਦੀ ਯਾਦ ਵਿਚ 5 ਤੋਂ 7 ਨਵੰਬਰ ਤਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ ‘ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ ਬਚਤ ਭਵਨ ਵਿਖੇ ਹੋਈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੇਸ਼ ਵਿਦੇਸ਼ ਤੋਂ ਇਸ ਉਰਸ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ। ਸ. ਢਿਲੋਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰਖਿਆ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਉਰਸ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਅਤੇ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਆਖਿਆ।ਉਨ੍ਹਾਂ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਰਸ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਬੀ ਦੂਰੀ ਦੀਆਂ ਟਰੇਨਾਂ ਦੇ ਸਰਹਿੰਦ ਜੰਕਸ਼ਨ ਵਿਖੇ ਠਹਿਰਾਓ ਲਈ ਕਾਰਵਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਨਾਂ ਉਰਸ ਮੌਕੇ ਆਉਣ ਵਾਲੇ ਸ਼ਰਧਾਲੂਆ ਲਈ ਫਸਟ ਏਡ ਅਤੇ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਰਜੀ ਪਖਾਨੇ ਬਣਵਾਉਣ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਉਰਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਜਾਰੀ ਰਖਣ ਦੇ ਨਿਰਦੇਸ਼ ਦਿਤੇ।ਉਨ੍ਹਾਂ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਨੂੰ ਸ਼ਰਧਾਲੂਆਂ ਲਈ ਲੋੜੀਂਦੀਆਂ ਬਸਾਂ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿਤੇ ਕਿ ਨਿਰਵਿਘਨ ਟਰੈਫਿਕ ਚਲਾਉਣ ਲਈ ਰੋਜਾ ਸ਼ਰੀਫ ਦੇ ਸਾਹਮਣੇ ਦੁਕਾਨਾਂ ਨਾ ਲਗਣ ਦਿਤੀਆਂ ਜਾਣ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਸ. ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਵਖ-ਵਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਰੋਜ਼ਾ ਸ਼ਰੀਫ ਸਰਹਿੰਦ ’ਤੇ ਸਲਾਨਾ ਉਰਸ 5 ਤੋਂ 7 ਨਵੰਬਰ ਤੱਕ : ਡੀਸੀ ਸ. ਢਿੱਲੋਂ



