ਮੈਨੂੰ ਚੰਨੀ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ : ਮਨੀਸ਼ਾ ਗੁਲਾਟੀ
ਚੰਡੀਗੜ੍ਹ, 29 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ‘ਤੇ ਛਾਏ ‘ਮੀ ਟੂ‘ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਵੀ ਸ਼ਿਕਾਇਤ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਮੰਤਰੀ ਦੇ ਨਾਂ ਬਾਰੇ ਕੋਈ ਜਾਣਕਾਰੀ ਹੈ, ਬਿਨਾਂ ਸ਼ਿਕਾਇਤ ’ਤੇ ਉਹ ਐਕਸ਼ਨ ਨਹੀਂ ਲੈ ਸਕਦੇ।ਉਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਤਜ਼ਾਰ ਕੀਤਾ ਜਾ ਰਿਹਾ। ਉਨ੍ਹਾਂ ਦੇ ਆਉਣ ‘ਤੇ ਮੀ-ਟੂ ਮਾਮਲੇ ’ਤੇ ਖਾਸ ਗਲਬਾਤ ਕੀਤੀ ਜਾਵੇਗੀ ਅਤੇ ਪੂਰੇ ਮਾਮਲੇ ਬਾਰੇ ਜਾਣਿਆ ਜਾਵੇਗਾ।
ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ‘ਮੀਟੂ‘ ਮੁਹਿੰਮ ਨੂੰ ਔਰਤਾਂ ਲਈ ਸੁਰਖਿਅਤ ਮਾਹੌਲ ਸਿਰਜਣ ਦੀ ਦਿਸ਼ਾ ਵਿਚ ਅਹਿਮ ਕਦਮ ਦਸਦਿਆਂ ਰਾਜ ਵਿਚ ਕੰਮ ਵਾਲੀਆਂ ਥਾਵਾਂ ਉਤੇ ਔਰਤਾਂ ਦੀ ਸੁਰਖਿਆ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਕਮਿਸ਼ਨ ਨੇ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਰਾਜ ਦੇ ਸਮੁਚੇ ਕਰਮਚਾਰੀਆਂ, ਪ੍ਰਸ਼ਾਸਕਾਂ ਤੇ ਚੁਣੇ ਹੋਏ ਮੈਂਬਰਾਂ ਲਈ ਦਿਸ਼ਾ ਨਿਰਦੇਸ਼ ਬਣਾਉਣ ਦਾ ਫੈਸਲਾ ਕੀਤਾ ਸੀ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਕੋਈ ਵੀ ਪੁਰਸ਼ ਅਧਿਕਾਰੀ ਜਾਂ ਮੰਤਰੀ ਕਿਸੇ ਵੀ ਮੀਟਿੰਗ ਜਾਂ ਚਰਚਾ ਲਈ ਕਿਸੇ ਮਹਿਲਾ ਕਰਮਚਾਰੀ ਨੂੰ ਇਕਲੇ ਦਫ਼ਤਰ ਵਿਚ ਨਹੀਂ ਬੁਲਾ ਸਕੇਗਾ। ਅਜਿਹੀ ਮੀਟਿੰਗ ਜਾਂ ਚਰਚਾ ਦਫ਼ਤਰ ਵਿਚ ਕਿਸੇ ਹੋਰ ਮਹਿਲਾ ਮੁਲਾਜ਼ਮ ਦੀ ਹਾਜ਼ਰੀ ਵਿਚ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਜਾਂ ਇਸ ਤੋਂ ਬਾਅਦ ਮਹਿਲਾ ਮੁਲਾਜ਼ਮ ਨੂੰ ਕਿਸੇ ਵੀ ਤਰ੍ਹਾਂ ਦਾ ਇਤਰਾਜ਼ਯੋਗ ਸੰਦੇਸ਼ ਭੇਜਣ ਨੂੰ ਕਮਿਸ਼ਨ ਬਰਦਾਸ਼ਤ ਨਹੀਂ ਕਰੇਗਾ।



