ਸਿੱਖ ਭਾਈਚਾਰੇ ਦੀ ਪ੍ਰਮੁੱਖ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਲਈ ਅੰਮ੍ਰਿਤਸਰ ਵਿਖੇ ਕਮੇਟੀ ਦਾ ਜਨਰਲ ਇਜਲਾਸ 13 ਨਵੰਬਰ 2018 ਨੂੰ ਹੋਣ ਜਾ ਰਿਹਾ ਹੈ। ਇਸ ਚੋਣ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਮੈਂਬਰੀ ਕਾਰਜਕਾਰਨੀ ਦੀ ਚੋਣ ਹੋਵੇਗੀ। ਕਈ ਪੱਖਾਂ ਤੋਂ ਇਹ ਚੋਣ ਕਾਫੀ ਵੱਡੀ ਅਹਿਮੀਅਤ ਰੱਖਦੀ ਹੈ। ਪਿਛਲੇ ਸਾਲ ਇਸ ਚੋਣ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਸਨ। ਉਨ੍ਹਾਂ ਨੇ ਇਕ ਸਾਲ ਦੇ ਸਮੇਂ ਵਿੱਚ ਕਾਫੀ ਪ੍ਰਭਾਵਸ਼ਾਲੀ ਕੰਮ ਕੀਤਾ ਹੈ। ਕਈ ਨਵੀਆਂ ਪਹਿਲਕਦਮੀਆਂ ਲਈਆਂ ਹਨ। ਸਮਾਂ ਬੇਸ਼ਕ ਬੇਹੱਦ ਚੁਣੌਤੀਪੂਰਨ ਸੀ ਇਸ ਦੇ ਬਾਵਜੂਦ ਉਹ ਸਫਲਤਾ ਨਾਲ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਦੇ ਰਹੇ ਹਨ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧ ਵਿੱਚ ਸੁਧਾਰ ਲਈ ਕਈ ਪਹਿਲਕਦਮੀਆਂ ਲਈਆਂ ਹਨ। ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧ ਨੂੰ ਬੇਹਤਰ ਬਣਾਉਣ ਲਈ ਵੀ ਉਨ੍ਹਾਂ ਦੇ ਯਤਨ ਸ਼ਲਾਘਾਯੋਗ ਹਨ। ਇਸੇ ਤਰ੍ਹਾਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਉਨ੍ਹਾਂ ਨੇ ਨਵੇਂ ਸਿਰੇ ਤੋਂ ਯਤਨ ਸ਼ੁਰੂ ਕੀਤੇ। ਇਨ੍ਹਾਂ ਯਤਨਾਂ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਵੀ ਮਿਲਿਆ ਹੈ। ਉਨ੍ਹਾਂ ਦੀ ਸੋਚ ਅਤੇ ਭਾਵਨਾ ਬਹੁਤ ਉਸਾਰੂ ਹੈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਡੂੰਘੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਇਸ ਦਾ ਅਸਰ ਸ਼੍ਰੋਮਣੀ ਕਮੇਟੀ ਉਪਰ ਵੀ ਪਿਆ ਹੈ, ਪਰ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਨੇ ਇਸ ਸੰਕਟ ਦੇ ਸਮੇਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਹਾਰਾ ਦਿੱਤਾ ਹੈ। ਸਿੱਖ ਪੰਥ ਇਕ ਦੁਰਾਹੇ ਉਪਰ ਖੜ੍ਹਾ ਹੈ। ਇਹ ਤਸੱਲੀ ਵਾਲੀ ਗੱਲ ਹੈ ਕਿ ਅਜਿਹੇ ਔਖੇ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਭਾਈ ਗੌਬਿੰਦ ਸਿੰਘ ਲੌਂਗੋਵਾਲ ਨੇ ਬੇਹਦ ਸੰਤੁਲਿਤ ਅਤੇ ਹਾਂ ਪੱਖੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਆਪਣੀ ਇਮਾਨਦਾਰ ਅਤੇ ਸ਼ਰਧਾਮਈ ਕੋਸ਼ਿਸ਼ਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਇਕ ਨਵੀਂ ਦਿਸ਼ਾ ਦੇਣ ਵੱਲ ਕਦਮ ਵਧਾਏ ਹਨ। ਇਹ ਵੀ ਜ਼ਿਕਰਯੋਗ ਹੈ ਕਿ ਇਕ ਸਾਲ ਦੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਕੋਈ ਵੱਡਾ ਵਿਵਾਦ ਵੀ ਨਹੀਂ ਜੁੜਿਆ। ਉਨ੍ਹਾਂ ਨੇ ਸਮੇਂ-ਸਮੇਂ ਪੈਦਾ ਹੋਏ ਮੁੱਦਿਆਂ ਨੂੰ ਹੱਲ ਕਰਨ ਲਈ ਵੀ ਬਹੁਤ ਤਹੱਮਲ ਅਤੇ ਸੂਝ-ਬੂਝ ਤੋਂ ਕੰਮ ਲਿਆ ਹੈ। ਕਿਸੇ ਵੀ ਸੰਸਥਾ ਦੇ ਮੁਖੀ ਨੂੰ ਆਪਣੀ ਯੋਗਤਾ ਅਤੇ ਪ੍ਰਤਿਭਾ ਦਾ ਵਿਖਾਵਾ ਕਰਨ ਲਈ ਇਕ ਸਾਲ ਦਾ ਸਮਾਂ ਬਹੁਤ ਥੋੜ੍ਹਾ ਹੁੰਦਾ ਹੈ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ ਕਰਨ ਲਈ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਕਾਬਲੀਅਤ ਨੂੰ ਸਿੱਧ ਕਰ ਸਕਣ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਉਨ੍ਹਾਂ ਤੋਂ ਯੋਗ ਅਤੇ ਸਰਵਪ੍ਰਵਾਨਿਤ ਕੋਈ ਵੀ ਆਗੂ ਮੌਜੂਦ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਮੌਜੂਦਾ ਸੰਕਟ ਵਾਲੇ ਸਮੇਂ ਭਾਈ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਨ ਦਾ ਇਕ ਹੋਰ ਮੌਕਾ ਦੇਣ ਤਾਂ ਜੋ ਉਹ ਪੰਥ ਲਈ ਹੋਰ ਬੇਹਤਰ ਕਾਰਜ ਕਰ ਸਕਣ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਅਕਾਲੀ ਲੀਡਰਸ਼ਿਪ ਨੂੰ ਇਸ ਮੁੱਦੇ ’ਤੇ ਸਹਿਮਤ ਕਰਨ ਲਈ ਉਪਰਾਲੇ ਵਿੱਢਣ। ਸ਼੍ਰੋਮਣੀ ਕਮੇਟੀ ਨੂੰ ਇਸ ਸਮੇਂ ਭਾਈ ਲੌਂਗੋਵਾਲ ਵਰਗੀ ਅਗਵਾਈ ਦੀ ਜ਼ਰੂਰਤ ਹੈ। ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਭਾਈ ਲੌਂਗੋਵਾਲ ਨੂੰ ਪ੍ਰਧਾਨਗੀ ਲਈ ਇਕ ਹੋਰ ਮੌਕਾ ਦਿੱਤਾ ਜਾਵੇਗਾ।
– ਬਲਜੀਤ ਸਿੰਘ ਬਰਾੜ



