Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫ਼ੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ’ਤੇ ਦੁੱਖ ਜ਼ਾਹਰ

Share this story

ਯਾਦਗਾਰ ਦਿਵਸ ਮੌਕੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਕੋਸ਼ਿਸ਼ਾਂ ’ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਹਥਿਆਰਬੰਦ ਫੌਜ ਸਿਰਫ ਰੈਜੀਮੈਂਟਲ ਮੁਖੀਆਂ ਨੂੰ ਜੁਆਬਦੇਹ ਹੁੰਦੀ ਹੈ ਨਾ ਕਿ ਸਿਆਸੀ ਨਿਜ਼ਾਮ ਦੇ ਇਸ਼ਾਰਿਆਂ ’ਤੇ ਕੰਮ ਕਰਨਾ ਹੁੰਦਾ ਹੈ। ਮੁੱਖ ਮੰਤਰੀ ਨੇ ਰੱਖਿਆ ਸੈਨਾਵਾਂ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੀ ਮੌਜੂਦਾ ਰੀਤ ਦਾ ਫੌਰੀ ਅੰਤ ਕਰਨ ਦਾ ਸੱਦਾ ਦਿੱਤਾ ਤਾਂ ਕਿ ਫੌਜ ਦੇ ਅਫਸਰ ਤੇ ਸੈਨਿਕ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਅ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਮੁਲਕ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਦੇ ਵਡੇਰੇ ਹਿੱਤਾਂ ਲਈ ਅਤਿ ਲੋੜੀਂਦਾ ਹੈ। ਅੱਜ ਇੱਥੇ ਪਹਿਲੀ ਵਿਸ਼ਵ ਜੰਗ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਰਾਸ਼ਟਰਮੰਡਲ ਮੁਲਕਾਂ ਦੇ ਹਥਿਆਰਬੰਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਯਾਦਗਾਰੀ ਦਿਹਾੜੇ ਮੌਕੇ ਪਤਵੰਤਿਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਿਚਾਰ ਰੱਖੇ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਆਜ਼ਾਦੀ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਇਨ੍ਹਾਂ ਮਹਾਨ ਸੈਨਿਕਾਂ ਦੀ ਮਿਸਾਲੀ ਬਹਾਦਰੀ ਅਤੇ ਅਮਿੱਟ ਜਜ਼ਬੇ ਨੂੰ ਉਸ ਹੱਦ ਤੱਕ ਮਾਨਤਾ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਜੰਗ ਵਿੱਚ ਲਗਪਗ 74000 ਸੈਨਿਕ ਸ਼ਹੀਦ ਜਦਕਿ 67000 ਜ਼ਖਮੀ ਹੋਏ। ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਫ਼ੌਜ ਦੇ ਸਾਬਕਾ ਮੁਖੀ ਵੀ.ਪੀ. ਮਲਿਕ ਅਤੇ ਪੱਛਮੀ ਕਮਾਂਡ ਦੇ ਜੀ.ਓ.ਸੀ. ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਹਾਜ਼ਰ ਸਨ।

WRITTEN BY