ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ ’ਤੇ ਸਮਾਰੋਹ ਮਨਾਉਣ ਦੀ ਅਪੀਲ
ਸੁਲਤਾਨਪੁਰ ਲੋਧੀ, 23 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਨਾਲ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਇਨ੍ਹਾਂ ਸਮਾਰੋਹਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸੁਨੀਲ ਜਾਖੜ ਸਮੇਤ ਹੋਰ ਉ¤ਘੇ ਕਾਂਗਰਸੀ ਆਗੂਆਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਇਸ ਪਵਿੱਤਰ ਮੌਕੇ ਹਾਜ਼ਰ ਸਨ।
ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ। ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨ੍ਹਾਂ ਨੇ ਇਹ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨ੍ਹਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ। ਇਨ੍ਹਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ’ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰੇਂਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਇਸ ਪਵਿੱਤਰ ਮੌਕੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ ਹਨ। ਆਪਣੇ ਭਾਸ਼ਣ ਵਿੱਚ ਸ੍ਰੀ ਜਾਖੜ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਡਾ. ਮਨਮੋਹਨ ਸਿੰਘ, ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵ ਦੇ 100 ਗੁਰਦੁਆਰਿਆਂ ’ਤੇ ਅਧਾਰਿਤ ਆਪਣੀ ਪੁਸਤਕ ‘ਵੂਈ ਦਾ ਸਿੱਖਜ਼ ਅਰਾਊਂਡ ਦਾ ਵਰਲਡ’ ਭੇਟ ਕੀਤੀ।ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮੁਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਚੌਧਰੀ ਸੰਤੋਖ ਸਿੰਘ, ਨਵਤੇਜ ਸਿੰਘ ਚੀਮਾ, ਰਾਣਾ ਗੁਰਜੀਤ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਹਰਦੇਵ ਸਿੰਘ ਲਾਡੀ, ਸੁਸ਼ੀਲ ਕੁਮਾਰ ਰਿੰਕੂ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ) ਹਾਜ਼ਰ ਸਨ।



