ਸਰਕਾਰੀ ਸਕੂਲ ਸਾਬੂਆਣਾ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 23 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿਖਿਆ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਿਖਿਆ ਮਾਹਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ ਦੀ ਚੌਥੀ ਮੰਜ਼ਲ ’ਤੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਲੈਕਚਰਾਰ ਸ੍ਰੀ ਗੁਰਛਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਚੇਰੀ ਤੇ ਤਕਨੀਕੀ ਸਿਖਿਆ ਦੀ ਅਜੋਕੇ ਸਮੇਂ ’ਚ ਬਹੁਤ ਜ਼ਰੂਰਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਖਤ ਮਿਹਨਤ ਨਾਲ ਹੀ ਜ਼ਿੰਦਗੀ ਦੀ ਹਰ ਮੰਜ਼ਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਜ਼ਿੰਦਗੀ ਦਾ ਟੀਚਾ ਮਿੱਥਣ ਲਈ ਵੀ ਜਾਗਰੂਕ ਕੀਤਾ। ਇਸ ਦੌਰਾਨ ਲੈਕਚਰਾਰ ਸ੍ਰੀ ਗੁਰਛਿੰਦਰ ਨੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਹਾਸਲ ਕਰਕੇ ਫੌਜ ’ਚ ਭਰਤੀ ਹੋਣ ਤੇ ਆਪਣਾ ਰੋਜ਼ਗਾਰ ਕਰਨ ਬਾਰੇ ਵੀ ਕਿਹਾ। ਇਸ ਮੌਕੇ ਇਕਨੋਮਿਕਸ ਲੈਕਚਰਾਰ ਅਮਿਤ ਜੁਨੇਜਾ ਤੇ ਕਾਮਰਸ ਲੈਕਚਰਾਰ ਸ੍ਰੀ ਰਾਜ ਕ੍ਰਿਸ਼ਨ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।



