Skip to content
Independent perspectives. Global stories.
BREAKING

ਕਰਤਾਰਪੁਰ ਸਾਹਿਬ ਲਾਂਘੇ ਪਿੱਛੇ ਪਾਕਿਸਤਾਨ ਫ਼ੌਜ ਦੀ ਵੱਡੀ ਸਾਜ਼ਿਸ਼ : ਕੈਪਟਨ ਅਮਰਿੰਦਰ ਸਿੰਘ

Share this story

ਚੰਡੀਗੜ੍ਹ, 9 ਦਸੰਬਰ- ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁਕੱਣ ਤੋਂ ਪਹਿਲਾਂ ਪਾਕਿਸਤਾਨ ਫੌਜ ਦੇ ਜਨਰਲ ਜਾਵੇਦ ਬਾਜਵਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਕੋਲ ਪ੍ਰਗਟਾਏ ਵਿਚਾਰਾਂ ਸਬੰਧੀ ਤੱਥਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨ ਫੌਜ ਵੱਲੋਂ ਘੜੀ ਗਈ ਇਕ ਬਹੁਤ ਵੱਡੀ ਸਾਜਿਸ਼ ਦੱਸਿਆ ਹੈ। ਅੱਜ ਇਕ ਟੀਵੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਸੱਪਸ਼ਟ ਤੌਰ ’ਤੇ ਆਈ.ਐਸ.ਆਈ ਦੀ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਪਾਕਿਸਤਾਨ ਫੌਜ ਨੇ ਭਾਰਤ ਵਿਰੁੱਧ ਇਕ ਬਹੁਤ ਵੱਡੀ ਸਾਜਿਸ਼ ਘੜੀ ਹੈ। ਪਾਕਿਸਤਾਨ ਵੱਲੋਂ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਮੁੱਦੇ ਨੂੰ ਗੈਰ ਜ਼ਰੂਰੀ ਤਰੀਕੇ ਨਾਲ ਉਭਾਰਿਆ ਜਾ ਰਿਹਾ ਹੈ ਅਤੇ ਜਿਹੜੇ ਇਸ ਨੂੰ ਉਭਾਰ ਰਹੇ ਹਨ ਉਹ ਸੱਪਸ਼ਟ ਤੌਰ ’ਤੇ ਆਈ.ਐਸ.ਆਈ. ਦੀ ਯੋਜਨਾ ਨੂੰ ਦੇਖਣ ਤੋਂ ਅਸਮਰਥ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੰਤਰੀ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਦਾ ਹੱਥ ਠੋਕਾ ਦੱਸਣ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਦੇ ਸਿੱਧੂ ਨਾਲ ਸਬੰਧਾਂ ਦੇ ਮੁੱਦੇ ਉਤੇ ਗੈਰ ਜ਼ਰੂਰੀ ਵਿਵਾਦ ਖੜ੍ਹਾ ਕਰਨ ਲਈ ਅਕਾਲੀਆਂ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਆਪਣੀ ਪਿੱਠ ਠੋਕਣ ਦੀ ਜੰਗ ਤੋਂ ਇਲਾਵਾ ਹੋਰ ਕੁੱਝ ਵੀ ਨਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਸਥਿਰਤਾ ਪੈਦਾ ਕਰਨਾ ਪਾਕਿਸਤਾਨ ਦਾ ਉਦੇਸ਼ ਹੈ ਅਤੇ ਇਸ ਦੇ ਵਾਸਤੇ ਪੰਜਾਬ ਵਿੱਚ ਅੱਤਵਾਦੀ ਸਰਗਰਮੀਆਂ ਦੇ ਰਾਹੀਂ ਪਾਕਿਸਤਾਨ ਜਾਣਬੁਝ ਕੇ ਲਗਾਤਾਰ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਅਕਾਲੀ-ਭਾਜਪਾ ਇਸ ਅਹਿਮ ਮੁੱਦੇ ਤੋਂ ਲੋਕਾਂ ਦਾ ਧਿਆਨ ਲਾਂਬੇ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਸਿੱਧੂ ਦਾ ਮੁੱਦਾ ਉਭਾਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਟਵਾਰੇ ਦੇ ਸਮੇਂ ਤੋਂ ਹੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦੀ ਮੰਗ ਲੰਬਿਤ ਪਈ ਹੋਈ ਹੈ। ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਰਗੇ ਬਹੁਤ ਸਾਰੇ ਸਿੱਖਾਂ ਦੇ ਧਾਰਮਿਕ ਸਥਾਨ ਬਟਵਾਰੇ ਕਾਰਨ ਪਾਕਿਸਤਾਨ ਵਿੱਚ ਰਹਿ ਗਏ। ਇਥੋਂ ਤੱਕ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਵੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਕੋਲ ਉਠਾਇਆ ਸੀ। ਉਨ੍ਹਾਂ ਨੇ ਖੁਦ ਪਾਕਿਸਤਾਨ ਪੰਜਾਬ ਦੇ ਹਮਰੁਤਬਾ ਪਰਵੇਜ ਇਲਾਹੀ ਅਤੇ ਰਾਸ਼ਟਰਪਤੀ ਪਰਵੇਜ ਮੁਸ਼ਰਫ ਕੋਲ ਇਹ ਮੁੱਦਾ ਆਪਣੇ ਪਿਛਲੇ ਕਾਲ ਦੌਰਾਨ ਮੁੱਖ ਮੰਤਰੀ ਵੱਜੋਂ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬਿਨਾਸ਼ੱਕ ਇਮਰਾਨ ਖਾਨ ਭਾਰਤ ਨਾਲ ਸ਼ਾਂਤੀ ਅਤੇ ਸਦਭਾਵਨਾ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਇਸ ਦੇ ਨਾਲ ਹੀ ਉਸ ਨੂੰ ਪਾਕਿਸਤਾਨ ਫੌਜ ਦੇ ਮੁੱਖੀ ’ਤੇ ਇਹ ਜ਼ੋਰ ਵੀ ਪਾਉਣਾ ਚਾਹੀਦਾ ਹੈ ਕਿ ਸਰਹੱਦ ਉਤੇ ਸਾਡੇ ਫੌਜੀਆਂ ਦੀਆਂ ਹੱਤਿਆਵਾਂ ਨੂੰ ਤੁਰੰਤ ਰੋਕੇ ਜਾਣਾ ਯਕੀਨੀ ਬਣਾਇਆ ਜਾਵੇ। ਪਾਕਿਸਤਾਨ ਦਾ ਇਤਿਹਾਸ ਇਹ ਦੱਸਦਾ ਹੈ ਕਿ ਜੇ ਕਿਸੇ ਪ੍ਰਧਾਨ ਮੰਤਰੀ ਸੱਤਾ ਵਿੱਚ ਰਹਿਣਾ ਤਾਂ ਉਸ ਨੂੰ ਫੌਜ ਦੀ ਲਾਈਨ ’ਤੇ ਤੁਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਨਵਾਜ ਸ਼ਰੀਫ ਵੱਲੋਂ ਦੁਬਈ ਵਿਖੇ ਪਾਕਿਸਤਾਨੀ ਫੌਜ ਦੇ ਨਾਲ ਕੀਤੇ ਸਮਝੋਤੇ ਦੀ ਵੀ ਮਿਸਾਲ ਦਿੱਤੀ ਜਿਸਦੇ ਨਤੀਜੇ ਵੱਜੋਂ ਉਹ ਲਗਾਤਾਰ ਪ੍ਰਧਾਨ ਮੰਤਰੀ ਰਹੇ। ਕਰਤਾਰਪੁਰ ਸਾਹਿਬ ਲਾਂਘੇ ਲਈ ਨੀਂਹ ਪੱਥਰ ਰੱਖਣ ਮੌਕੇ ਪਾਕਿਸਤਾਨ ਨਾ ਜਾਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੱਦਾ ਪ੍ਰਵਾਨ ਕਰਨ ਤੋਂ ਇਸ ਕਰਕੇ ਇਨਕਾਰ ਕੀਤਾ ਸੀ ਕਿਉਂਕਿ ਉਹ ਓਨ੍ਹਾਂ ਚਿਰ ਪਾਕਿਸਤਾਨ ਜਾਣ ਬਾਰੇ ਸੋਚ ਨਹੀਂ ਸਕਦੇ ਜਿਨ੍ਹਾਂ ਚਿਰ ਪਾਕਿਸਤਾਨ ਫੌਜ ਵੱਲੋਂ ਭਾਰਤੀ ਫੌਜੀਆਂ ਅਤੇ ਆਮ ਲੋਕਾਂ ਦੀ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਨੀਂਹ ਪੱਥਰ ਰੱਖਣ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਜਾਣ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਵੱਲੋਂ ਆਏ ਸੱਦੇ ਨੂੰ ਲਿਖਤੀ ਤੌਰ ’ਤੇ ਰੱਦ ਕਰ ਦਿੱਤਾ ਹੈ ਅਤੇ ਉਸ ਦੀ ਕਾਪੀ ਸੋਸ਼ਲ ਮੀਡਾਆ ’ਤੇ ਸਾਂਝੀ ਵੀ ਕੀਤੀ ਸੀ। ਪਾਕਿਸਤਾਨ ਨਾ ਜਾਣ ਦੀ ਸਲਾਹ ਦਿੱਤੇ ਜਾਣ ਦੇ ਬਾਵਜੂਦ ਸਿੱਧੂ ਇਮਰਾਨ ਖਾਨ ਨਾਲ ਆਪਣੀ ਦੋਸਤੀ ਕਾਰਨ ਉਥੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਰ ਤਰਕਸੰਗਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੀ ਉਥੇ ਬਹੁਤ ਸਾਰੇ ਦੋਸਤ ਹਨ ਜਿਨ੍ਹਾਂ ਵਿੱਚ ਪਾਕਿਸਤਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਵੇਜ ਇਲਾਹੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਪਿਛਲੇ ਕਾਰਜਕਾਲ ਦੌਰਾਨ ਲਗਾਤਾਰ ਮਿਲਦੇ ਰਹੇ ਹਾਂ। ਇਲਾਹੀ ਉਨ੍ਹਾਂ ਨੂੰ ਮਿਲਣ ਲਈ ਪਟਿਆਲਾ ਵਿਖੇ ਵੀ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ‘ਪੰਸਦੀਦਾ’ ਵਿਅਕਤੀ ਹੈ। ਉਨ੍ਹਾਂ ਦੇ ਸਿੱਧੂ ਦੇ ਮਾਪਿਆਂ ਨਾਲ ਵੀ ਨਿੱਘੇ ਸਬੰਧ ਹਨ ਜਦੋਂ ਇਹ ਕ੍ਰਿਕਟ ਖਿਡਾਰੀ ਮੰਤਰੀ ਬਣਿਆ ਤਾਂ ਉਨ੍ਹਾਂ ਦੇ ਪਿਤਾ ਕਾਂਗਰਸ ਦੀ ਪਟਿਆਲਾ ਜਿਲ੍ਹਾ ਇਕਾਈ ਦੇ ਪ੍ਰਧਾਨ ਸਨ ਅਤੇ ਉਨ੍ਹਾਂ (ਕੈਪਟਨ) ਦੀ ਮਾਤਾ ਮਹਿੰਦਰ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਸਿੱਧੂ ਵਿਚਕਾਰ ਕਦੀ ਵੀ ਟਕਰਾਅ ਪੈਦਾ ਨਹੀ ਹੋਇਆ ਜਿਸ ਤਰ੍ਹਾਂ ਕਿ ਮੀਡੀਆ ਵਿੱਚ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਂਦੇ ਸਮੇਂ ਉਨ੍ਹਾਂ ਦੀ ਸਿੱਧੂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਸੱਮਸਿਆ ਨਹੀਂ ਆਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਹਮੇਸ਼ਾਂ ਸਿੱਧ ਪੱਧਰੇ ਤਰੀਕੇ ਨਾਲ ਗੱਲ ਕਰਦੇ ਹਨ ਅਤੇ ਉਨ੍ਹਾਂ ਦੀ ਇੱਕੋ-ਇਕ ਸੱਮਸਿਆ ਇਹ ਹੈ ਕਿ ਉਹ ਕਈ ਵਾਰੀ ਸੋਚਣ ਤੋਂ ਪਹਿਲਾਂ ਹੀ ਬੋਲ ਜਾਂਦੇ ਹਨ।
ਰਾਹੁਲ ਗਾਂਧੀ ਦੇ ਆਪਣੇ ਕੈਪਟਨ ਹੋਣ ਦੇ ਸਿੱਧੂ ਦੀ ਟਿਪਣੀ ਸਬੰਧੀ ਪੁਛੇ ਗਏ ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਵੀ ਮੁੱਦਾ ਨਹੀ ਹੈ। ਸਿੱਧੂ ਨੇ ਹਮੇਸ਼ਾਂ ਉਨ੍ਹਾਂ (ਕੈਪਟਨ) ਨੂੰ ਆਪਣੇ ਪਿਤਾ ਸਮਾਨ ਸਮਝਿਆ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਸਵਾਲ ਦੇ ਜਵਾਬ ਵਿੱਚ ਪਾਕਿਸਤਾਨ ਨੂੰ ਉਸ ਦੀਆਂ ਘਿਨਾਉਣੀਆਂ ਹਰਕਤਾਂ ਵਿਰੁੱਧ ਚੇਤਾਵਨੀ ਦਿੱਤੀ ਅਤੇ ਉਸ ਨੂੰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਤੋਂ ਬਾਜ ਆਉਣ ਲਈ ਆਖਿਆ। ਉਨ੍ਹਾਂ ਨੇ ਸਰਹੱਦ ’ਤੇ ਭਾਰਤੀ ਫੌਜੀਆਂ ਦੀਆਂ ਹੱਤਿਆਵਾਂ ਰੋਕੇ ਜਾਣ ਲਈ ਵੀ ਪਾਕਿਸਤਾਨ ਨੂੰ ਕਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਫੌਜ ਦੇ ਜਨਰਲ ਜਾਵੇਦ ਬਾਜਵਾ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਪੁਲਿਸ ਪਾਕਿਸਤਾਨ ਨਾਲ ਸਿੱਧੀ ਟੱਕਰ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਜੇ ਉਸ ਨੇ ਅੱਤਵਾਦ ਦੇ ਰਾਹੀਂ ਸੂਬੇ ਦੇ ਸ਼ਾਤੀਪੂਰਣ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਇਹ ਉਨ੍ਹਾਂ ਦੀ ਗਲਤੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਬਾਜਵਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਪੰਜਾਬ ਪੁਲਿਸ 1970 ਅਤੇ 1980 ਵਾਲੀ ਪੁਲਿਸ ਨਹੀਂ ਹੈ ਜਦੋ ਇਸ ਦੀ ਸੰਖਿਆ ਸਿਰਫ 16000-17000 ਹੁੰਦੀ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਪੁਲਿਸ ਫੋਰਸ ਉਚ ਤਕਨੀਕ ਦੇ ਹਥਿਆਰਾਂ ਅਤੇ ਗੋਲੀ-ਸਿੱਕਾ ਨਾਲ ਲੈਸ ਹੈ। ਇਸ ਦੀਆਂ ਪੇਸ਼ੇਵਰ ਕਮਾਂਡੋ ਬਟਾਲੀਅਨਾਂ ਅਤੇ ਪੰਜਾਬ ਆਰਮਡ ਫੋਰਸ ਵੀ ਹੈ ਜੋ ਕਿਸੇ ਵੀ ਚੁਣੌਤੀ ਦੇ ਪੂਰੀ ਤਰ੍ਹਾਂ ਟਾਕਰੇ ਲਈ ਤਿਆਰ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਿਲ੍ਹੇ ਦੇ ਅਦਲੀਵਾਲ ਪਿੰਡ ਵਿੱਚ ਨਿਰੰਕਾਰੀ ਭਵਨ ’ਤੇ ਹੋਏ ਗ੍ਰੇਨੇਡ ਹਮਲੇ ਦੇ 2 ਦੋਸ਼ੀਆਂ ਨੂੰ ਦਿਨਾਂ ਵਿੱਚ ਹੀ ਫੜ ਕੇ ਹਾਲ ਹੀ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ ਜਿਨ੍ਹਾਂ ਦੇ ਆਈ.ਐਸ.ਆਈ ਦੇ ਏਜੰਟਾਂ ਨਾਲ ਸਾਂਝ ਸੀ। ਪੰਜਾਬ ਦੀ ਅਤਿ ਸਰਗਰਮ ਪੁਲਿਸ ਫੋਰਸ ਨੇ ਆਈ.ਐਸ.ਆਈ ਦਾ ਸਮਰਥਨ ਪ੍ਰਾਪਤ 19 ਅੱਤਵਾਦੀ ਗਿਰੋਹਾਂ ਨੂੰ ਸਫਲਤਾਪੂਰਣ ਖਤਮ ਕੀਤਾ ਹੈ ਅਤੇ ਇਨ੍ਹਾਂ ਦੇ 81 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦ ਦੀ ਰੀਡ ਦੀ ਹੱਡੀ ਤੋੜਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਸਰਗਰਮ ਬਹੁਤ ਸਾਰੇ ਅੱਤਵਾਦੀ ਸੰਗਠਨ ਪੂਰੀ ਤਰ੍ਹਾਂ ਖਤਮ ਕਰ ਦਿੱਤੇ ਗਏ ਹਨ ਅਤੇ ਆਈ. ਐਸ.ਆਈ ਪੰਜਾਬ ਵਿੱਚ ਗੜਬੜ ਪੈਦਾ ਕਰਨ ਲਈ ਇਨ੍ਹਾਂ ਨੂੰ ਪੰਜਾਬ ਵਿੱਚ ਸਰਗਰਮ ਕਰ ਰਹੀ ਸੀ। ਇਸ ਵੱਲੋਂ ਕਨੈਡਾ, ਅਮਰੀਕਾ ਅਤੇ ਯੂਰੋਪ ਦੇ ਦੇਸ਼ਾਂ ਵਿੱਚ ਵੀ ਬੇਗੁਨਾਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤੋਂ ਫਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਵੱਲੋਂ ਆਪਣੇ ਮਕਸਦਾਂ ਲਈ ਇਨ੍ਹਾਂ ਨੂੰ ਹੱਥਿਆਰ ਅਤੇ ਫੰਡ ਦਿੱਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤੋਂ ਫਾਇਦਾ ਉਠਾਕੇ ਪੰਜਾਬ ਵਿੱਚ ਅੱਤਵਾਦ ਨੂੰ ਪੈਦਾ ਕਰਨ ਦੇ ਲਈ ‘ ਸਿੱਖਜ ਫਾਰ ਜਸਟਿਸ’ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖਾਸਕਰ ਦੇਹਾਤੀ ਇਲਾਕਿਆਂ ਦੇ ਸਿੱਖ ਅਖੌਤੀ ‘ਰਾਇਸ਼ੁਮਾਰੀ-2020’ ਦਾ ਸਮਰਥਨ ਨਹੀ ਕਰਣਗੇ। ਐਸ.ਐਫ.ਜੇ ਨੇ ਦਾਅਵਾ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਦਾ ਇਕ ਤੋਹਫਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਫ.ਜੇ ਦੀ ਗੱਲ ਕਰਨ ਵਾਲਾ ਪੰਜਾਬ ਵਿੱਚ ਕੋਈ ਨਹੀਂ ਹੈ।

WRITTEN BY