ਅੰਮ੍ਰਿਤਸਰ, 31 ਮਾਰਚ (ਪੀ.ਟੀ.ਬਿਊਰੋ)-ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਜੇਲ੍ਹ ਦੀ ਕਾਲ ਕੋਠੜੀ ’ਚ ਪਿਛਲੇ ਲੰਮੇ ਸਮੇਂ ਤੋਂ ਬੰਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਤਬਦੀਲ ਕਰ ਦੇਣ ਵਾਲੇ ਫੈਂਸਲੇ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੇਸ਼ੱਕ ਇਹ ਫੈਂਸਲੇ ਆਉਣ ’ਚ ਬਹੁਤ ਦੇਰ ਹੋਈ ਹੈ, ਪਰ ਸੁਪਰੀਮ ਕੋਰਟ ਦੇ ਇਸ ਫੈਂਸਲੇ ਨਾਲ ਸਿੱਖ ਮਨ੍ਹਾਂ ’ਚ ਨਿਆਂ ਪਾਲਕਾ ਪ੍ਰਤੀ ਵਿਸ਼ਵਾਸ਼ ਦੀ ਭਾਵਨਾ ਪੈਦਾ ਹੋਵੇਗੀ ਜੋ ਬਹੁਤ ਜ਼ਰੂਰੀ ਸੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫ਼ੀ ਤੇ ਰਿਹਾਈ ਲਈ ਸੰਘਰਸ਼ ਕੀਤਾ ਹੈ। ਇਨ੍ਹਾਂ
ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਤਬਦੀਲ ਕਰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਗਵਰਨਰ ਸ੍ਰੀ ਸ਼ਿਵਰਾਜ ਪਾਟਿਲ ਅਤੇ ਦੇਸ਼ ਦੇ ਰਾਸ਼ਟਰਪਤੀ ਪਾਸ ਅਪੀਲਾਂ ਕੀਤੀਆਂ ਸਨ, ਕਿਉਂਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿੱਚ ਅਦਾਲਤ ’ਚ ਭੁਗਤੇ 133 ਗਵਾਹਾਂ ਵਿੱਚੋਂ ਕਿਸੇ ਇੱਕ ਨੇ ਵੀ ਉਸ ਦੇ ਵਿਰੁੱਧ ਗਵਾਹੀ ਨਹੀਂ ਸੀ ਦਿੱਤੀ, ਇਸ ਕਰਕੇ ਇਸ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਵੇਲੇ ਜੱਜ ਵੀ ਇਕਮੱਤ ਨਹੀਂ ਸਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੈ ਇਸ ਨੇ ਪਹਿਲਾਂ ਹੀ ਲੰਮਾ ਸਮਾਂ ਜੇਲ੍ਹ ਕੱਟ ਲਈ ਹੈ। ਜੇਲ੍ਹ ਦੀ ਕਾਲ ਕੋਠੜੀ ਨੇ ਇਸ ਨੂੰ ਮਾਨਸਿਕ ਰੋਗੀ ਬਣਾ ਦਿੱਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।