ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ 3 ਰੋਜ਼ਾ ਵਿੱਦਿਅਕ ਪ੍ਰਦਰਸ਼ਨੀ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਦਿਅਕ ਪ੍ਰਦਰਸ਼ਨੀ ਦੀ ਸ਼ੁਰੂਆਤ ਮਾਤਾ ਗੁਜਰੀ ਕਾਲਜ ਵਿਖੇ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਜਤਿੰਦਰ ਸਿੰਘ ਸਿੱਧੂ ਨੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਪ੍ਰਤੀ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰੀਏ ਤੇ ਬੱਚਿਆਂ ਨੂੰ ਆਪਣੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਈਏ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਦ੍ਰਿੜ ਸੰਕਲਪ, ਸ਼ਿੱਦਤ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸਬਰ, ਸੰਤੋਖ, ਅਨੁਸ਼ਾਸਨ ਦੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ। ਸਿੱਖ ਇਤਹਾਸ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਉਂਦਿਆਂ ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸੇਧ ਲੈਕੇ ਆਪਣੇ ਜੀਵਨ ਵਿਚ ਸਿੱਖੀ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਵਿਦਿਅਕ ਪ੍ਰਦਰਸ਼ਨੀ ਨਾਲ ਨੌਜਵਾਨ ਪੀੜ੍ਹੀ ਜਿਥੇ ਆਪਣੇ ਇਤਿਹਾਸ ਨੂੰ ਸਾਂਝਾ ਕਰੇਗੀ, ਉਥੇ ਸੇਧ ਵੀ ਲਵੇਗੀ।ਇਸ ਮੌਕੇ ਕਾਲਜ ਦਾ ਨਵੇਂ ਸਾਲ ਦਾ ਕਲੰਡਰ, ਡਾ. ਜਗਜੀਵਨ ਸਿੰਘ ਦੁਆਰਾ ਲਿਖਿਆ ਕਿਤਾਬਚਾ ’’ਅਨੰਦਪੁਰ ਤੋਂ ਸਰਹਿੰਦ ਤੱਕ’ ਅਤੇ ਪੱਤਰਕਾਰੀ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਲੈਬ ਜਰਨਲ ‘ਫ਼ਤਹਿ’ ਵੀ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਸਾਡੇ ਸਭਿਆਚਾਰਕ ਅਤੇ ਧਾਰਮਿਕ ਵਿਰਸੇ ਨਾਲ ਜੁੜੇ ਕਈ ਮੁਕਾਬਲੇ ਜਿਵੇਂ ਵਾਰ ਗਾਇਨ, ਕਵਿਸ਼ਰੀ, ਦਸਤਾਰਬੰਦੀ, ਗੱਤਕਾ, ਧਾਰਮਿਕ ਨਾਟਕ, ਕਵਿਤਾ, ਦੁਮਾਲਾ ਸਜਾਉਣ ਅਤੇ ਪੇਂਟਿੰਗ ਆਦਿ ਕਰਵਾਏ ਗਏ ਜਿਨ੍ਹਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਵਿਖੇ ਧਾਰਮਿਕ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਵਰਲਡ ਕੈਂਸਰ ਕੇਅਰ ਦੇ ਮੌਢੀ ਸ. ਕੁਲਵੰਤ ਸਿੰਘ ਧਾਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Send this to a friend