ਚੰਡੀਗੜ੍ਹ, 1 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕਲੰਡਰ ਤੇ ਡਾਇਰੀ ਮੰਗਲਵਾਰ ਨੂੰ ਰਲੀਜ਼ ਕੀਤੀ। ਇਸ ਕਲੰਡਰ ’ਤੇ ਪਹਿਲੇ ਸਿੱਖ ਗੁਰੂ ਜੀ ਦੀ ਤਸਵੀਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਣਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀਆਂ ਤਸਵੀਰਾਂ ਹਨ। ਇਹ ਦੋਵੇ ਸਥਾਨ ਮਹਾਨ ਗੁਰੂ ਜੀ ਦੇ ਜੀਵਨ ਨਾਲ ਜੁੜੇ ਹੋਏ ਹਨ।
ਇਕ ਸਰਕਾਰੀ ਬੁਲਾਰੇ ਅਨੁਸਾਰ ਕਲੰਡਰ ਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿਟਿੰਗ ਅਤੇ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਮੁੱਖ ਮੰਤਰੀ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਸਲਾਹਕਾਰ ਬੀ.ਆਈ.ਐਸ ਚਾਹਲ ਦੇ ਨਾਲ ਆਪਣੇ ਕੈਬਨਿਟ ਸਾਥੀਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਦੇਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਉਚ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਉਦਯੋਗ ਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ ਦੇ ਦਫ਼ਤਰਾਂ ਵਿਖੇ ਗਏ ਅਤੇ ਉਨ੍ਹਾਂ ਨੂੰ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।