ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ’ਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼

ਪੰਜਾਬੀ ’ਚ ਕੀਤੀ ਭਾਸ਼ਣ ਦੀ ਸ਼ੁਰੂਆਤ ਝ ਜਲਦ ਹੀ ਲਾਂਘੇ ਦਾ ਕੀਤਾ ਜਾਵੇਗਾ ਨਿਰਮਾਣ : ਮੋਦੀ

ਗੁਰਦਾਸਪੁਰ, 3 ਜਨਵਰੀ- ਗੁਰਦਾਸਪੁਰ ’ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਂਦਿਆਂ ਆਪਣੀ ਪਾਰਟੀ ਦੇ ਕੀਤੇ ਵਿਕਾਸ ਕਾਰਜਾਂ ਨੂੰ ਗਿਣਵਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਾ ਮਾਣ ਵਾਲੀ ਗਲ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਨਾਲ ਕੀਤੀ। ਉਨ੍ਹਾਂ ਨੇ ਪੰਜਾਬੀ ’ਚ ‘ਸਤਿ ਸ੍ਰੀ ਅਕਾਲ’ ਬੁਲਾ ਕੇ ਪੰਜਾਬੀਆਂ ਨੂੰ ਸੰਬੋਧਨ ਕੀਤਾ ਅਤੇ ਗੁਰਦਾਸਪੁਰ ਦੀ ਧਰਤੀ ਨੂੰ ਪ੍ਰਣਾਮ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਹਮੇਸ਼ਾ ਪ੍ਰੇਰਣਾ ਦੇਣ ਵਾਲੀ ਧਰਤੀ ਹੈ ਅਤੇ ਉਨ੍ਹਾਂ ਨੂੰ ਬਾਬੇ ਨਾਨਕ ਦੀ ਇਸ ਧਰਤੀ ’ਤੇ ਆ ਕੇ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਪੰਜਾਬ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਮੋਦੀ ਨੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਐਮ.ਐਸ.ਪੀ. ’ਚ ਵਾਧੇ ਦਾ ਫ਼ੈਸਲਾ ਸਾਡੀ ਸਰਕਾਰ ਨੇ ਹੀ ਲਿਆ ਹੈ। ਕਿਸਾਨੀ ਨੂੰ ਲਾਭਕਾਰੀ ਬਣਾਉਣ ਲਈ ਸਾਡੀ ਸਰਕਾਰ ਕੰਮ ਰਹੀ ਹੈ। ਉਥੇ ਹੀ ਕਰਤਾਰਪੁਰ ਲਾਂਘੇ ’ਤੇ ਬੋਲਦਿਆਂ ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਕਰੋੜਾਂ ਸਿਖਾਂ ਦੀ ਮੰਗ ’ਤੇ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦਾ ਫੈਸਲਾ ਕੀਤਾ ਹੈ। ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਮੋਦੀ ਨੇ ਕਿਹਾ ਕਿ ਦੇਸ਼ ਨਾਲ ਖਿਲਵਾੜ ਕਰਨ ਵਾਲੀ ਕਾਂਗਰਸ ਸਰਕਾਰ ਨੇ ’84 ਸਿਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਨੇ ’84 ਦੇ ਦੋਸ਼ੀਆਂ ਨੂੰ ਮੁਖ ਮੰਤਰੀ ਬਣਾਇਆ ਹੈ।
ਪੰਜਾਬ ’ਚ ਕਾਂਗਰਸ ਨੇ ਕਿਸਾਨਾਂ ਨਾਲ ਕੀਤਾ ਕਰਜ਼ਾ ਮੁਆਫ਼ੀ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ, ਸਵਾਮੀਨਾਥਨ ਕਮਿਸ਼ਨ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਪੀਐਮ ਮੋਦੀ ਦਾ ਪੰਜਾਬ ਆਉਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਦੀ ਖੂਬ ਤਰੀਫ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਤਿੰਨ ਵਡੇ ਹਵਾਈ ਅਡੇ ਦਿਤੇ ਹਨ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਹੀ ਸੀ ਜਿਸਨੇ ਅਕਾਲੀਦਲ ਦੀ ਮੰਗ ’ਤੇ ’84 ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਅਤੇ ਜਿਸ ਸਦਕਾ ਦੋਸ਼ੀ ਅਜ ਉਮਰ ਭਰ ਲਈ ਸਲਾਖਾਂ ਦੇ ਪਿਛੇ ਹਨ। ਸੁਖਬੀਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੰਗਰ ’ਤੇ ਕੇਂਦਰ ਦੇ ਹਿਸੇ ਦਾ ਜੀ.ਐਸ.ਟੀ. ਖ਼ਤਮ ਕੀਤਾ ਅਤੇ ਸਿਖਾਂ ਨੂੰ ਵਿਸ਼ੇਸ਼ ਛੋਟ ਦਿਤੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ 100 ਦੇ ਕਰੀਬ ਰੈਲੀਆਂ ਕੀਤੀਆਂ ਜਾਣੀਆਂ ਹਨ, ਜਿਸ ਦੀ ਸ਼ੁਰੂਆਤ ਅਜ ਗੁਰਦਾਸਪੁਰ ਤੋਂ ਹੋਈ ਹੈ। ਰੈਲੀ ਦੀ ਸ਼ੁਰੂਆਤ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ, ਪੰਜਾਬ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠਿਆ, ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਆਦਿ. ਸਮੇਤ ਅਕਾਲੀ-ਭਾਜਪਾ ਦੀ ਸਮੁਚੀ ਲੀਡਰਸ਼ਿਪ ਸਟੇਜ਼ ’ਤੇ ਮੌਜੂਦ ਸੀ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਰਪਾਨ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।

Send this to a friend