ਪੰਜਾਬ ਵਿਚ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਤੋਂ ਇਨਕਾਰ
ਨਵੀਂ ਦਿੱਲੀ/ਚੰਡੀਗੜ੍ਹ, 7 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ।
ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇੱਕ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ ਅਤੇ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ
ਵਿਚਾਰ-ਵਟਾਂਦਰਾ ਨਹੀਂ ਹੋਇਆ। ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ।