ਮੁੱਖ ਮੰਤਰੀ ਨੇ ਪੰਚਾਂ ਤੇ ਸਰਪੰਚਾਂ ਨੂੰ ਸਹੁੰ ਚੁਕਾਈ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਵੀ ਹਲਫ਼ ਦਿਵਾਇਆ

ਪਟਿਆਲਾ, 11 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸਰੁੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਇਹ ਪਹਿਲੀ
ਜ਼ਿੰਮੇਵਾਰੀ ਹੈ, ਜਿਹੜੀ ਮੈਂ ਤਹਾਨੂੰ ਸੌਂਪ ਰਿਹਾ ਹਾਂ।’’ ਨਸ਼ਿਆਂ ਦੇ ਲਾਹਨਤ ਨਾਲ ਇਕ ਪੂਰੀ ਪੀੜ੍ਹੀ ਬਰਬਾਦ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਉਨ੍ਹਾਂ ਨੇ ਸਹੁੰ ਖਾਧੀ ਸੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਵੱਡੀ ਸਫਲਤਾ ਕੀਤੀ ਹੈ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੇਠਲੇ ਪੱਧਰ ’ਤੇ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਹੋਈ ਹੈ ਜੋ ਸਾਡੇ ਮੁਲਕ ਦਾ ਮਜ਼ਬੂਤ ਥੰਮ੍ਹ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਉਨ੍ਹਾਂ ਦੇ ਮੁਕਾਬਲੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਕਿ ਉਨ੍ਹਾਂ ਦੇ ਇਲਾਕੇ ਦਾ ਚੌਤਰਫ਼ਾ ਵਿਕਾਸ ਹੋ ਸਕੇ। ਇਸ ਸਮੇਂ ਆਪਣੇ ਸੰਬੋਧਨ ’ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ’ਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਸਮਾਗਮ ਮੌਕੇ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਦੀ ਇਸ ਚੋਣ ਨਾਲ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਇਆ ਹੈ। ਸ. ਬਾਜਵਾ ਨੇ ਵੀ ਨਵੇਂ ਚੁਣੇ ਇਨ੍ਹਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਿਰ ਪਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ। ਸਮਾਰੋਹ ਮੌਕੇ ਹਲਕਾ ਰਾਜਪੁਰਾ ਤੋਂ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ’ਚ ਸੁਤੰਤਰ ਢੰਗ ਨਾਲ ਸ਼ਾਂਤਮਈ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ੳ

Send this to a friend