ਆਏ ਹੋ ਤਾਂ ਕੀ ਲੈ ਕੇ ਆਏ ਹੋ, ਚੱਲੇ ਹੋ ਤਾਂ ਕੀ ਦੇਕੇ ਚੱਲੇ ਹੋ।

ਪ੍ਰਵਾਸੀ ਭਾਰਤੀ ਸੰਮੇਲਨ ਇਸ ਵਰ੍ਹੇ ਵਾਰਾਨਸੀ ਵਿਖੇ, ਜਿਥੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 2014 ਦੀਆਂ ਚੋਣਾਂ ‘ਚ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ, ਮਿਤੀ 21 ਜਨਵਰੀ ਤੋਂ 23 ਜਨਵਰੀ ਤਕ ਕਰਵਾਇਆ ਜਾ ਰਿਹਾ ਹੈ। ਪ੍ਰਵਾਸੀ ਭਾਰਤੀਆਂ ਲਈ ਇਹ ਸੰਮੇਲਨ 2003 ਤੋਂ ਆਰੰਭਿਆ ਗਿਆ ਸੀ ਅਤੇ ਸਾਲ 2015 ‘ਚ ਇਸਦਾ ਆਯੋਜਿਨ ਗਾਂਧੀਨਗਰ ਵਿਖੇ ਕੀਤਾ ਗਿਆ ਸੀ। ਵਾਰਾਨਸੀ ਵਿਖੇ ਕਰਵਾਇਆ ਜਾ ਰਿਹਾ ਇਹ ਸੰਮੇਲਨ 15ਵਾਂ ਸੰਮੇਲਨ ਹੈ ਅਤੇ ਮੋਦੀ ਸਰਕਾਰ ਦੇ 5 ਸਾਲਾਂ ‘ਚ ਇਹ ਤੀਜਾ ਪ੍ਰਵਾਸੀ ਸੰਮੇਲਨ ਹੋਵੇਗਾ। ਸਾਲ 2016 ਵਿਚ ਇਹ ਸੰਮੇਲਨ ਰਦ ਕਰ ਦਿਤਾ ਗਿਆ ਸੀ ਅਤੇ ਸਾਲ 2018 ਵਿਚ ਇਹ ਸੰਮੇਲਨ ਕੀਤਾ ਹੀ ਨਹੀਂ ਗਿਆ। ਇਸ ਵਰ੍ਹੇ ਦਾ ਇਹ ਸੰਮੇਲਨ ਉਤਰਪ੍ਰਦੇਸ਼ ਸਰਕਾਰ ਦੀ ਸਹਾਇਤਾ ਅਤੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ, ਜਿਸ ਵਲੋਂ ਪ੍ਰਵਾਸੀਆਂ ਲਈ ਕੁੰਭ ਦੇ ਮੇਲੇ ਸਮੇਂ ਵਿਸ਼ੇਸ਼ ਇਸ਼ਨਾਨ ਦਾ ਪ੍ਰਬੰਧ ਹੋਵੇਗਾ ਅਤੇ ਭਾਰਤ ਸਰਕਾਰ ਵਲੋਂ 26 ਜਨਵਰੀ ਦੀ ਗਣਤਮਤਰ ਪਰੇਡ ਵਿਚ ਪ੍ਰਵਾਸੀਆਂ ਦੀ ਸ਼ਮੂਲੀਅਤ ਕਰਵਾਈ ਜਾਏਗੀ। ਕਿਹਾ ਜਾ ਰਿਹਾ ਹੈ ਕਿ ਵਖੋ-ਵਖਰੇ ਦੇਸ਼ਾਂ ‘ਚ ਵਸਦੇ 8000 ਤੋਂ ਵਧ ਪ੍ਰਵਾਸੀ ਇਹਨਾ ਸੰਮੇਲਨਾਂ‘ਚ ਹਿਸਾ ਲੈਣਗੇ। ਸਮਾਗਮ ਦੀ ਪ੍ਰਧਾਨਗੀ ਕਰਨ ਲਈ ਵਿਸ਼ੇਸ਼ ਤੌਰ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਪੁਜਣਗੇ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਮੇਲਨ ਦੇ ਸਮਾਪਤੀ ਸਮਾਰੋਹ ਸਮੇਂ ਭਾਸ਼ਨ ਦੇਣਗੇ ਅਤੇ ਭਾਰਤੀ ਸਨਮਾਨ ਪੁਰਸਕਾਰ ਪ੍ਰਦਾਨ ਕਰਨਗੇ। ਇਹ ਸਮਾਗਮ ਵਾਰਾਨਸੀ ‘ਚ ਕਿਉਂ ਹੋ ਰਿਹਾ ਹੈ? ਕੀ ਇਹ ਕਿਸੇ ਸਿਆਸੀ ਮੰਤਵ ਲਈ ਤਾਂ ਨਹੀਂ ਕੀਤਾ ਜਾ ਰਿਹਾ?
ਕਹਿਣ ਨੂੰ ਤਾਂ ਲੰਮੇ ਸਮੇਂ ਤੋਂ ਪ੍ਰਵਾਸੀ ਭਾਰਤੀਆਂ ਨੂੰ ਵਖੋ-ਵਖਰੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਉਹਨਾ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਪ੍ਰਵਾਸੀ ਭਾਰਤੀਆਂ ਨਾਲ ਵਖੋ-ਵਖਰੇ ਦੇਸ਼ਾਂ ‘ਚ ਰਾਵਤਾ ਕੀਤਾ ਜਾਂਦਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਉਹਨਾ ਨੂੰ ਭਾਰਤ ਵਿਚ ਆਪਣੇ ਕਾਰੋਬਾਰ ਖੋਲ੍ਹਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਪਰ ਭਾਰਤ ਵਿਚਲੀ ਇੰਸਪੈਕਟਰੀ ਜੁੰਡਲੀ ਦੀ ਮਾਰ ਹੇਠ ਪ੍ਰਵਾਸੀ ਭਾਰਤੀ ਉਹਨਾ ਤੋਂ ਬੁਰੀ ਤਰ੍ਹਾਂ ਨਿਰਾਸ਼ ਹੋਏ ਬੈਠੇ ਹਨ। ਇਹਨਾ ਕੇਂਦਰੀ ਜਾਂ ਸੂਬਾ ਸਰਕਾਰਾਂ ਵਲੋਂ ਕਰਵਾਏ ਜਾਂਦੇ ਸੰਮੇਲਨਾਂ ਵਿਚ ਤਾਂ ਉਹਨਾ ਸਰਦੇ-ਪੁਜਦੇ ਭਾਰਤੀਆਂ ਨੂੰ ਹੀ ਸਦਿਆ ਜਾਂਦਾ ਹੈ, ਜਿਹਨਾਂ ਦੀ ਸਰਕਾਰੇ-ਦਰਬਾਰੇ ਪਹੁੰਚ ਹੈ। ਆਮ ਪ੍ਰਵਾਸੀ ਤਾਂ ਇਹਨਾ ਸੰਮੇਲਨਾਂ ‘ਚ ਕਿਧਰੇ ਦਿਸਦੇ ਨਹੀਂ ਅਤੇ ਲਖਾਂ ਕਰੋੜਾਂ ਰੁਪਏ ਸਰਕਾਰਾਂ ਵਲੋਂ ਇਹਨਾ ਪ੍ਰਵਾਸੀ ਸੰਮੇਲਨਾਂ ਉਤੇ ਖ਼ਰਚ ਕਰ ਦਿਤੇ ਜਾਂਦੇ ਹਨ।
ਭਾਰਤ ਦੇ ਵਿਦੇਸ਼ ਮੰਤਰਾਲੇ ਅਨੁਸਾਰ ਪ੍ਰਵਾਸੀ ਭਾਰਤੀਆਂ ਜਾਂ ਭਾਰਤੀ ਪਿਛੋਕੜ ਵਾਲੇ ਭਾਰਤੀਆਂ ਦੀ ਕੁਲ ਗਿਣਤੀ ਤਿੰਨ ਕਰੋੜ ਤੋਂ ਵਧੇਰੇ ਹੈ। ਇਹ ਪ੍ਰਵਾਸੀ ਦੁਨੀਆ ਦੇ ਇਕ ਸੌ ਤੋਂ ਵੀ ਵਧ ਦੇਸ਼ਾਂ ਵਿਚ ਵਸਦੇ ਹਨ। ਇਹ ਗੁਜਰਾਤੀ, ਬੰਗਾਲੀ, ਕਸ਼ਮੀਰੀ, ਮਰਾਠਾ, ਮਲਿਆਲੀ, ਪੰਜਾਬੀ, ਤਾਮਿਲ, ਤੇਲਗੂ, ਸਿੰਧੀ, ਉਰੀਆ ਲੋਕ ਸਨ, ਜਿਹਨਾ ਕੋਲ ਪੀ ਆਈ ਓ (ਪਰਸਨਲ ਆਫ ਇੰਡੀਆ ਉਰਿਜ਼ਨ) ਜਾਂ ਭਾਰਤੀ ਕਾਨੂੰਨ ਅਨੁਸਾਰ ਐਨ.ਆਰ.ਆਈ. ਦਾ ਦਰਜਾ ਹੈ। ਪਰ ਇਹਨਾ ਤੋਂ ਬਿਨ੍ਹਾਂ ਉਹ ਗਿਣਤੀ ਵਖਰੀ ਹਨ, ਜਿਹੜੇ ਗੈਰ-ਕਾਨੂੰਨੀ ਤੌਰ ‘ਤੇ ਪ੍ਰਵਾਸ ਹੰਢਾ ਰਹੇ ਹਨ ਜਾਂ ਵਖੋ-ਵਖਰੇ ਦੇਸ਼ਾਂ ‘ਚ ਭਾਰਤੀ ਵਿਦਿਆਰਥੀ ਹਨ ਜਿਹਨਾ ਦੀ ਕਿਧਰੇ ਵੀ ਗਿਣਤੀ ਨਹੀਂ ਹੁੰਦੀ ਅਤੇ ਜਿਹੜੇ ਕਰੋੜਾਂ ਰੁਪਏ ਦੇਸ਼ ਵਿਚੋਂ ਵਿਦੇਸ਼ਾਂ ਨੂੰ ਲੈ ਜਾਂਦੇ ਹਨ। ਪਰਵਾਸੀ ਭਾਰਤੀ ਭਾਰਤ ਸਰਕਾਰ ਤੋਂ ਆਪਣੀਆਂ ਮੁਸ਼ਕਲਾਂ ਹਲ ਕਰਨ ਲਈ ਬਹੁਤ ਲੰਮੇ ਸਮੇਂ ਤੋਂ ਇਹ ਮੰਗ ਕਰ ਰਹੇ ਹਨ ਕਿ ਉਹਨਾ ਨੂੰ ਦੂਹਰੀ ਨਾਗਰਿਕਤਾ ਮਿਲੇ। ਸਾਲ 2014 ‘ਚ ਜਦੋਂ ਨਰੇਂਦਰ ਮੋਦੀ ਅਮਰੀਕਾ ਗਏ ਸਨ ਤਾਂ ਇਹ ਮੰਗ ਵਿਸ਼ੇਸ਼ ਤੌਰ ਤੇ ਉਠੀ ਸੀ। ਭਾਰਤ ਸਰਕਾਰ ਵਲੋਂ ਇਸ ਮਸਲੇ ਸਬੰਧੀ ਹਾਲੇ ਤਕ ਗੌਰ ਨਹੀਂ ਕੀਤਾ ਗਿਆ, ਪਰ ਲਗਭਗ ਹਰੇਕ ਸੰਮੇਲਨ ‘ਚ ਇਹ ਮੰਗ ਜ਼ੋਰ ਸ਼ੋਰ ਪ੍ਰਵਾਸੀਆਂ ਵਲੋਂ ਨਾਲ ਚੁਕੀ ਜਾਂਦੀ ਹੈ ਅਤੇ ਪ੍ਰਵਾਸੀ ਭਾਰਤੀ ਇਹ ਸਮਝਦੇ ਹਨ ਕਿ ਇਸ ਮੰਗ ਦੀ ਪੂਰਤੀ ਹੀ ਉਹਨਾ ਦੀਆਂ ਸਮਸਿਆਵਾਂ ਦਾ ਹਲ ਹੈ ਕਿਉਂਕਿ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਪਰਤਦਿਆਂ ਬਹੁਤ ਕਠਿਨਾਈਆਂ ਵਿਚੋਂ ਲੰਘਣਾ ਪੈਂਦਾ ਹੈ।
ਪਹਿਲੀ ਗਲ ਤਾਂ ਇਹ ਹੈ ਕਿ ਉਹਨਾ ਦਾ ਦੇਸ਼ ਪਰਤਣ ‘ਤੇ ਹਵਾਈ ਅਡੇ ਉਤੇ ਜਿਸ ਢੰਗ ਨਾਲ ਤ੍ਰਿਸਕਾਰ ਕੀਤਾ ਜਾਂਦਾ ਹੈ, ਉਸਤੋਂ ਉਹ ਬਹੁਤ ਪ੍ਰੇਸ਼ਾਨ ਹੁੰਦੇ ਹਨ। ਉਹਨਾ ਨੂੰ ਆਪਣਾ ਦੇਸ਼ ਹੀ ਬੇਗਾਨਾ ਲਗਣ ਲਗ ਪੈਂਦਾ ਹੈ।
ਦੂਜਾ ਉਹਨਾ ਨੂੰ ਦੇਸ਼ ਵਿਚਲੀ ਜ਼ਮੀਨ, ਜਾਇਦਾਦ, ਘਰ, ਬੈਂਕਾਂ ‘ਚ ਜਮ੍ਹਾਂ ਪੈਸਾ ਆਦਿ ਸੁਰਖਿਅਤ ਨਹੀਂ ਦਿਸਦਾ। ਭਾਰਤ ‘ਚ ਬਣਦੇ ਆਧਾਰ ਕਾਰਡ ਨੇ ਉਹਨਾ ਦੀ ਪ੍ਰੇਸ਼ਾਨੀ ‘ਚ ਵਾਧਾ ਕੀਤਾ ਜਦੋਂ ਬੈਂਕਾਂ ਨੇ ਬੈਂਕਾਂ ‘ਚ ਰਖੀ ਜਮ੍ਹਾਂ ਪੂੰਜੀ ਅਤੇ ਫਿਕਸਡ ਡਿਪਾਜਿਟ ਲਈ ਆਧਾਰ ਕਾਰਡ ਲਾਜ਼ਮੀ ਕਰ ਦਿਤਾ। ਐਨ ਆਰ ਆਈ ਇਸ ਸਮਸਿਆ ਕਾਰਨ ਉਦੋਂ ਤਕ ਬਹੁਤ ਪ੍ਰੇਸ਼ਾਨ ਦਿਸੇ, ਜਦੋਂ ਤਕ ਭਾਰਤੀ ਉਚ ਅਦਾਲਤਾਂ ਨੇ ਇਸਦੇ ਬੈਂਕਾਂ ‘ਚ ਲਾਜ਼ਮੀ ਨਾ ਹੋਣ ਦੀ ਸ਼ਰਤ ਖਤਮ ਨਹੀਂ ਕੀਤੀ। ਤੀਜਾ ਬਹੁਤ ਸਾਰੇ ਪ੍ਰਵਾਸੀ ਭਾਰਤੀਆਂ ਦੀ ਜ਼ਮੀਨ, ਜਾਇਦਾਦ, ਘਰ, ਦੁਕਾਨਾਂ ਉਹਨਾ ਦੇ ਨੇੜਲੇ ਰਿਸ਼ਤੇਦਾਰਾਂ ਨੇ ਹਜ਼ਮ ਕਰ ਲਈਆਂ, ਉਹਨਾ ਤੋਂ ਪਾਵਰ ਆਫ ਅਟਾਰਨੀ ਲੈਕੇ ਉਹਨਾ ਦੀਆਂ ਜਾਇਦਾਦਾਂ ਤਕ ਖੁਰਦ ਬੁਰਦ ਕਰ ਦਿਤੀਆਂ। ਪੰਜਾਬ ਵਿਚ ਤਾਂ ਇਸ ਕਿਸਮ ਦੀਆਂ ਘਟਨਾਵਾਂ ਵੀ ਵਾਪਰੀਆਂ ਕਿ ਜ਼ਮੀਨ ਮਾਫੀਏ ਨੇ ਐਨ ਆਰ ਆਈ ਵੀਰਾਂ ਦੀਆਂ ਜ਼ਮੀਨਾਂ ਪੁਲਿਸ ਅਫ਼ਸਰਾਂ ਤੇ ਨੇਤਾਵਾਂ ਨਾਲ ਰਲਕੇ ਖੁਰ-ਬੁਰਦ ਕਰ ਦਿਤੀਆਂ ਅਤੇ ਉਹਨਾ ਨੂੰ ਅਦਾਲਤਾਂ ਰਾਹੀਂ ਭਗੌੜੇ ਤਕ ਕਰਾਰ ਦੁਆ ਦਿਤਾ ਅਤੇ ਉਹ ਦੇਸ਼ ਪਰਤਣ ਜੋਗੇ ਵੀ ਨਹੀਂ ਰਹੇ। ਪੰਜਾਬ ਜਿਹੇ ਸੂਬੇ ਵਿਚ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਕਾਰੋਬਾਰ ਖੋਲ੍ਹਣ ਲਈ ਸੂਬਾ ਸਰਕਾਰ ਨੇ ਸਦੇ ਦਿਤੇ, ਹਰ ਵਰ੍ਹੇ ਪ੍ਰਵਾਸੀ ਪੰਜਾਬੀ ਸੰਮੇਲਨ ਵੀ ਕਰਵਾਏ । ਐਨ ਆਰ ਆਈ ਸਭਾ ਦਾ ਗਠਨ ਕਰਕੇ ਪ੍ਰਵਾਸੀ ਪੰਜਾਬੀਆਂ ਦੀਆਂ ਸਮਸਿਆਵਾਂ ਹਲ ਕਰਨ ਦੀ ਗਲ ਵੀ ਹੋਈ, ਪ੍ਰਵਾਸੀ ਪੰਜਾਬੀਆਂ ਦੇ ਜਾਇਦਾਦਾਂ ਦੇ ਮਾਮਲੇ ਹਲ ਕਰਨ ਲਈ ਵਿਸ਼ੇਸ਼ ਅਦਾਲਤਾਂ ਵੀ ਬਣੀਆਂ, ਪਰ ਸਰਕਾਰੀ ਸੁਸਤੀ ਅਤੇ ਅਫ਼ਸਰਸ਼ਾਹੀ ਦੀ ਮਿਲੀ-ਭੁਗਤ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਸੂਬਾ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਸੰਮੇਲਨ ਤਾਂ ਬੰਦ ਕਰ ਹੀ ਦਿਤੇ ਗਏ। ਉਹਨਾ ਦੀ ਐਨ ਆਰ ਆਈ ਸਭਾ ਜੋ ਸਰਕਾਰੀ ਸਰਪ੍ਰਸਤੀ ਹੇਠ ਚਲਵਾਈ ਗਈ ਸੀ, ਉਸਨੂੰ ਵੀ ਗੁਠੇ ਲਾ ਦਿਤਾ ਗਿਆ ਹਾਲਾਂਕਿ ਕਰੋੜਾਂ ਰੁਪਏ ਪ੍ਰਵਾਸੀਆਂ ਪੰਜਾਬੀਆਂ ਤੋਂ ਇਹ ਸਭਾ ਚਲਾਉਣ ਲਈ ਚੰਦੇ ਇਕਠੇ ਕੀਤੇ ਗਏ ਸਨ। ਐਨ ਆਰ ਆਈ ਸਭਾ ਦਾ ਵਡਾ ਦਫ਼ਤਰ ਵੀ ਜਲੰਧਰ ਵਿਖੇ ਬਣਾਇਆ ਹੋਇਆ ਹੈ। ਪਰ ਇਸਦੀ ਚੋਣ ਨਹੀਂ ਹੋ ਰਹੀ।
ਅਜ ਪ੍ਰਵਾਸੀ ਭਾਰਤੀ ਆਪਣੇ ਆਪ ਨੂੰ ਠਗਿਆ ਠਗਿਆ ਮਹਿਸੂਸ ਕਰਦੇ ਹਨ। ਸਾਫ ਸੁਥਰੇ ਭ੍ਰਿਸ਼ਟਾਚਾਰ ਮੁਕਤ ਦੇਸ਼ਾਂ ਵਿਚੋਂ ਜਦੋਂ ਉਹ ਦੇਸ਼ ਪਰਤਦੇ ਹਨ ਤਾਂ ਇਥੋਂ ਦੇ ਲੋਕਾਂ ਤੇ ਅਫ਼ਸਰਸ਼ਾਹੀ ਵਲੋਂ ਜਦੋਂ ਉਹਨਾ ਨਾਲ ਇਹ ਵਿਵਹਾਰ ਹੁੰਦਾ ਹੈ ਕਿ ਆਏ ਹੋ ਤਾਂ ਕੀ ਲੈ ਕੇ ਆਏ ਹੋ, ਅਤੇ ਦੇਸੋਂ ਚਲੇ ਹੋ ਤਾਂ ਕੀ ਦੇਕੇ ਚਲੇ ਹੋ ਜਾਂ ਤੁਹਾਡੇ ਦੇਸ਼ ਆਵਾਂਗੇ ਤਾਂ ਤੁਸੀਂ ਕੀ ਦਿਉਗੇ?ਤਾਂ ਉਹ ਬਹੁਤ ਨਿਰਾਸ਼ ਹੁੰਦੇ ਹਨ। ਉਹ ਪ੍ਰਵਾਸੀ ਜਿਹੜੇ ਬਰਾਮਦ, ਦਰਾਮਦ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ, ਉਹ ਭਾਰਤੀ ਭ੍ਰਿਸ਼ਟਾਚਾਰ ਦੀ ਜਦੋਂ ਗਲ ਕਰਦੇ ਹਨ ਤਾਂ ਇਹੋ ਆਖਦੇ ਹਨ ਕਿ ਸਾਡਾ ਦੇਸ਼ ਸਾਡੇ ਨਾਲ ਦੁਰ ਵਿਵਹਾਰ ਕਰਦਾ ਹੈ, ਜਿਥੇ ਇਮਾਨਦਾਰੀ ਦੀ ਕੋਈ ਥਾਂ ਹੀ ਨਹੀਂ।
ਭਾਰਤੀ ਪ੍ਰਵਾਸੀ ਸੰਮੇਲਨਾਂ ਜਾਂ ਪ੍ਰਵਾਸੀਆਂ ਨੂੰ ਦੇਸ਼ ਦੀਆਂ ਸਰਕਾਰਾਂ ਨੇ ਆਪਣੀਆਂ ਵੋਟਾਂ ਇਕਠੀਆਂ ਕਰਨ ਲਈ ਹੀ ਵਰਤਿਆ ਹੈ। ਉਹ ਪ੍ਰਵਾਸੀ ਜਿਹਨਾ ਨੇ ਦੇਸ਼ ਵਿਦੇਸ਼ ‘ਚ ਨਾਮਨਾ ਖਟਿਆ ਹੈ। ਅਮਰੀਕਾ, ਕੈਨੇਡਾ, ਬਰਤਾਨੀਆ, ਨਿਊਜੀਲੈਂਡ ਜਿਹੇ ਵਿਕਸਤ ਦੇਸ਼ਾਂ ‘ਚ ਆਪਣੀ ਪੈਂਠ ਬਣਾਈ ਹੈ। ਸਿਆਸੀ ਰੁਤਬੇ ਹਾਸਲ ਕੀਤੇ ਹਨ। ਹਜ਼ਾਰਾਂ ਏਕੜ ਜ਼ਮੀਨਾਂ ਦੇ ਉਹ ਮਾਲਕ ਹਨ। ਰੁਤਬੇ ਵਾਲੇ ਡਾਕਟਰ, ਇੰਜੀਨੀਅਰ, ਕੰਪਿਊਟਰ ਇੰਜੀਨੀਅਰ ਹਨ। ਉਹਨਾ ਨੂੰ ਦੇਸ਼ ਵਿਚ ਸਦਕੇ ਕਦੇ ਵੀ ਸਨਮਾਨਤ ਨਹੀਂ ਕੀਤਾ, ਉਹਨਾ ਦੀਆਂ ਪ੍ਰਾਪਤੀਆਂ ਦਾ ਲਾਹਾ ਕਦੇ ਨਹੀਂ ਲਿਆ। ਸਿਰਫ ਚੁਣੰਦਾ ਸਿਆਸੀ ਪੈਂਠ ਵਾਲੇ ਪ੍ਰਵਾਸੀਆਂ ਨੂੰ ਸਦਕੇ ਸੰਮੇਲਨ ਕਰਾਉਣ ਦਾ ਖਾਨਾ ਪੂਰਾ ਕਰ ਲਿਆ ਜਾਂਦਾ ਹੈ। ਇਹੋ ਜਿਹੇ ਹਾਲਤਾਂ ਵਿਚ ਉਹ ਪ੍ਰਵਾਸੀ, ਜਿਹਨਾ ਦਾ ਮਨ, ਆਪਣੇ ਦੇਸ਼ ‘ਚ ਧੜਕਦਾ ਹੈ। ਜਿਹੜੇ ਆਪਣੇ ਸੂਬੇ, ਸ਼ਹਿਰ, ਪਿੰਡ ਲਈ ਕੁਝ ਕਰਨਾ ਲੋਚਦੇ ਹਨ ਜਦ ਤਕ ਉਹਨਾ ਨੂੰ ਇਨਸਾਫ ਨਹੀਂ ਮਿਲਦਾ, ਬਣਦਾ ਮਾਣ ਨਹੀਂ ਮਿਲਦਾ, ਉਹ ਉਦੋਂ ਤਕ ਆਪਣੀ ਨੇਕ ਕਮਾਈ ਵਿਚੋਂ ਕਿਵੇਂ ਪੂਰੇ ਵਿਸ਼ਵਾਸ ਨਾਲ ਹਿਸਾ ਪਾ ਸਕਣਗੇ? ਕਿਵੇਂ ਆਪਣੀ ਮਾਤਰ ਭੂਮੀ ਦੇ ਵਿਕਾਸ ਲਈ ਬਣਦਾ ਯੋਗਦਾਨ ਪਾ ਸਕਣਗੇ?
ਠੀਕ ਹੈ ਕਿ ਭਾਰਤ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨੂੰ ਭਾਵੇਂ ਵੋਟ ਦੇਣ ਦਾ ਅਧਿਕਾਰ ਦੇ ਦਿਤਾ ਗਿਆ ਹੈ, ਪਰ ਕੁਲ ਐਨ ਆਰ ਆਈ ਲੋਕਾਂ ਵਿਚੋਂ ਇਕ ਫੀਸਦੀ ਤੋਂ ਵੀ ਘਟ ਨੇ ਭਾਰਤ ਵਿਚ ਆ ਕੇ ਵੋਟ ਬਣਾਈ ਹੈ ਜਾਂ ਬਣਾਕੇ ਪਾਈ ਹੈ?ਆਖ਼ਰ ਕਿਉਂ? ਬਹੁਤ ਸਾਰੇ ਭਾਰਤੀ ਪੀ ਆਈ ਓ ਕਾਰਡ ਇਸ ਕਰਕੇ ਪ੍ਰਾਪਤ ਨਹੀਂ ਕਰ ਸਕੇ ਕਿਉਂਕਿ ਇਸਨੂੰ ਪ੍ਰਾਪਤ ਕਰਨਾ ਹੀ ਬਹੁਤ ਔਖਾ ਹੈ।
ਪ੍ਰਵਾਸੀ ਭਾਰਤੀਆਂ ਦੀਆਂ ਸਮਸਿਆਵਾਂ ਵਡੀਆਂ ਹਨ, ਅਤੇ ਸਰਕਾਰਾਂ ਦੇ ਯਤਨ ਛੋਟੇ ਜਾਂ ਸਵਾਰਥੀ ਹਨ, ਤਦੇ ਆਮ ਪ੍ਰਵਾਸੀ ਆਪਣੇ ਦੇਸ਼ ਦੀ ਸਰਕਾਰ ਉਤੇ ਯਕੀਨ ਨਹੀਂ ਕਰ ਰਹੇ ਅਤੇ ਇਹੋ ਜਿਹੇ ਸੰਮੇਲਨਾਂ ‘ਚ ਉਹਨਾ ਦੀ ਆਪ ਮੁਹਾਰੀ ਹਾਜ਼ਰੀ ਨਾ ਮਾਤਰ ਦਿਖਦੀ ਹੈ । ਲੋੜ ਇਸ ਗਲ ਦੀ ਹੈ ਕਿ ਜ਼ਮੀਨੀ ਪਧਰ ਉਤੇ ਪ੍ਰਵਾਸੀਆਂ ਦੀ ਜੋ ਸਮਸਿਆਵਾਂ ਹਨ, ਉਹ ਹਲ ਹੋਣ ਅਤੇ ਪ੍ਰਵਾਸੀ ਭਾਰਤੀਆਂ ਨੂੰ ਦੂਹਰੀ ਨਾਗਰਿਕਤਾ ਮਿਲੇ ਤਾਂ ਕਿ ਉਹ ਆਪਣੇ ਦੇਸ਼ ਦਾ ਹਿਸਾ ਬਨਣ ਦਾ ਮਾਣ ਮਹਿਸੂਸ ਕਰ ਸਕਣ। ਉਹਨਾ ਦੀਆਂ ਜੇਬਾਂ ਫਰੋਲਣ ਨਾਲ ਪ੍ਰਵਾਸੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਡਗਮਗਾਏਗਾ।

Send this to a friend