ਪੰਜਾਬ ਕਾਂਗਰਸ ਆਤਮ-ਘਾਤੀ ਰਾਹ ’ਤੇ

ਪੰਜਾਬ ਵਿੱਚ ਹੁਕਮਰਾਨ ਕਾਂਗਰਸ ਪਾਰਟੀ ਇਸ ਸਮੇਂ ਸੰਕਟ ਵਿੱਚੋਂ ਗੁਜ਼ਰ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਦੀ ਸਿਹਤ ਸਹੀ ਨਹੀਂ ਹੈ। ਕਾਂਗਰਸ ਅੰਦਰ ਵਰਕਰਾਂ ਅਤੇ ਨੇਤਾਵਾਂ ਦੀ ਨਰਾਜ਼ਗੀ ਲਗਾਤਾਰ ਵੱਧ ਰਹੀ ਹੈ। ਨਸ਼ਿਆਂ ਦੇ ਮੁੱਦੇ ਉਪਰ ਵੀ ਵੱਡਾ ਵਿਵਾਦ ਛਿੜਿਆ ਹੋਇਆ ਹੈ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਨਸ਼ਾਖੋਰੀ ਖਿਲਾਫ ਸਖਤ ਕਾਰਵਾਈ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਇਹ ਵੀ ਆਖਿਆ ਗਿਆ ਸੀ ਕਿ ਨਸ਼ਾ ਤਸਕਰੀ ਦੇ ਦੋਸ਼ੀ ਅਕਾਲੀ ਆਗੂਆਂ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ। ਇਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮੁੱਦੇ ਉਪਰ ਵੀ ਕਾਂਗਰਸ ਨੇ ਸਿੱਖਾਂ ਨੂੰ ਇਨਸਾਫ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਦੋਨਾਂ ਮਾਮਲਿਆਂ ਵਿੱਚ ਕਾਂਗਰਸ ਦੀ ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਸਖਤ ਕਾਰਵਾਈ ਨਹੀਂ ਕੀਤੀ। ਬੇਸ਼ਕ ਨਸ਼ਿਆਂ ਖਿਲਾਫ਼ ਸ਼ੁਰੂ ਵਿੱਚ ਜ਼ੋਰਦਾਰ ਮੁਹਿੰਮ ਵਿੱਢੀ ਗਈ ਸੀ ਪ੍ਰੰਤੂ ਹੁਣ ਉਹ ਢਿੱਲੀ ਪੈ ਚੁੱਕੀ ਹੈ। ਸਰਕਾਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਘਿਰੇ ਅਕਾਲੀਆਂ ਖਿਲਾਫ਼ ਹਾਲੇ ਤੱਕ ਕੋਈ ਕਦਮ ਨਹੀਂ ਚੁੱਕਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਅਤੇ ਕੋਟਕਪੂਰਾ-ਬਗਰਾੜੀ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੇ ਮੁੱਦੇ ਉਪਰ ਸਰਕਾਰ ਦੀ ਦੋਚਿਤੀ ਸਾਫ ਦੇਖੀ ਜਾ ਸਕਦੀ ਹੈ। ਹੈਰਾਨੀ ਦੀ ਗੱਲ ਹੈ ਕਿ ਨਸ਼ਿਆਂ ਦੇ ਮੁੱਦੇ ਉਪਰ ਮੂੰਹ ਖੋਲ੍ਹਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ ਦੀ ਗੱਲ ਨਹੀਂ ਸੁਣੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਇਸ ਮੁੱਦੇ ਉਪਰ ਚੁਪੀ ਧਾਰ ਰੱਖੀ ਹੈ। ਪੰਜਾਬ ਕਾਂਗਰਸ ਨੇ ਰਾਤੋ-ਰਾਤ ਕਾਰਵਾਈ ਕਰਦਿਆਂ ਸ. ਜ਼ੀਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦਾ ਇਹ ਕਦਮ ਆਤਮਘਾਤੀ ਸਾਬਿਤ ਹੋ ਸਕਦਾ ਹੈ। ਇਸ ਮੁੱਦੇ ਉਪਰ ਪਾਰਟੀ ਉਪਰ ਵੱਡਾ ਰੋਸ ਫੈਲਿਆ ਹੋਇਆ ਹੈ। ਬਹੁਤੇ ਨੇਤਾ ਅਤੇ ਵਰਕਰ ਪਾਰਟੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਸ਼ਾਇਦ ਅਜਿਹੇ ਹਾਲਾਤਾਂ ਵਿੱਚ ਹੀ ਪਾਰਟੀ ਦੇ ਇਕ ਸੀਨੀਅਰ ਆਗੂ ਸ. ਜੋਗਿੰਦਰ ਸਿੰਘ ਪੰਜਗਰਾਈ ਕਾਂਗਰਸ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਚਲੇ ਗਏ ਹਨ। ਜਥੇਬੰਦਕ ਪੱਧਰ ਉਪਰ ਵੀ ਕਾਂਗਰਸ ਦੀ ਸੂਝ-ਬੁਝ ਨਜ਼ਰ ਨਹੀਂ ਆ ਰਹੀ। ਪਾਰਟੀ ਵੱਲੋਂ ਬਣਾਏ ਗਏ ਬਹੁਤੇ ਜ਼ਿਲ੍ਹਾ ਪ੍ਰਧਾਨਾਂ ਦੀ ਯੋਗਤਾ ਉਪਰ ਉਂਗਲੀਆਂ ਉਠ ਰਹੀਆਂ ਹਨ। ਲੋਕਾਂ ਵਿੱਚ ਇਹ ਪ੍ਰਭਾਵ ਬਣਦਾ ਜਾ ਰਿਹਾ ਹੈ ਕਿ ਸਰਕਾਰ ਅਤੇ ਕਾਂਗਰਸ ਉਪਰ ਅਫਸਰਸ਼ਾਹੀ ਦਾ ਦਬਦਬਾ ਬਣਿਆ ਹੋਇਆ ਹੈ। ਇਸ ਕਾਰਨ ਹੀ ਵਰਕਰਾਂ ਅਤੇ ਨੇਤਾਵਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਕਾਂਗਰਸੀ ਹਾਈਕਮਾਨ ਨੂੰ ਇਸ ਸਥਿਤੀ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਜੇਕਰ ਸਥਿਤੀ ਨੂੰ ਸਮੇਂ ਸਿਰ ਸੰਭਾਲਿਆ ਨਾ ਗਿਆ ਤਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਅਤੇ ਸਰਕਾਰ ਲਈ ਹਾਲਾਤ ਹੱਥਾਂ ਵਿੱਚੋਂ ਨਿਕਲ ਸਕਦੇ ਹਨ।
– ਬਲਜੀਤ ਸਿੰਘ ਬਰਾੜ

Send this to a friend