ਬਟਾਲਾ, 17 ਜਨਵਰੀ (ਪ੍ਰਦੀਪ ਸਿੰਘ) – ਇਤਿਹਾਸਕ ਨਗਰ ਸ੍ਰੀ ਹਰਗੋਬਿੰਦਪੁਰ ਅਤੇ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਕਮਿਊਨਿਟੀ ਹੈਲਥ ਸੈਂਟਰ ਖੋਲਿਆ ਜਾਵੇਗਾ। ਇਸ ਤੋਂ ਇਲਾਵਾ ਰਾਜ ਸਰਕਾਰ ਵਲੋਂ ਯਾਤਰੂਆਂ ਦੀ ਸਹੂਲਤ ਲਈ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਬਸ ਸਟੈਂਡ ਵੀ ਉਸਾਰਿਆ ਜਾਵੇਗਾ। ਇਹ ਐਲਾਨ ਰਾਜ ਸਭਾ ਮੈਂਬਰ ਸ. ਪ੍ਰਾਤਪ ਸਿੰਘ ਬਾਜਵਾ ਨੇ ਅਜ ਸ੍ਰੀ ਹਰਗੋਬਿੰਦਪੁਰ ਵਿਖੇ ਹਲਕੇ ਦੇ ਵਿਕਾਸ ਸਬੰਧੀ ਇਕ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਭਲਾ ਅਤੇ ਹਲਕੇ ਦੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਐਮ.ਪੀ. ਲੈਡ ਫੰਡ ਵਿਚੋਂ 40 ਲਖ ਰੁਪਏ ਦੀ ਗ੍ਰਾਂਟ ਦੇ ਚੈਕ ਵੀ ਤਕਸੀਮ ਕੀਤੇ।ਇਸ ਮੌਕੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਬੋਲਦਿਆਂ ਕਿਹਾ ਕਿ ਇਸ ਧਾਰਮਿਕ ਨਗਰੀ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਵਲ ਵਿਸ਼ੇਸ਼ ਧਿਆਨ ਦਿਤਾ ਜਾਵੇਗਾ ਅਤੇ ਇਥੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਜਲਦੀ ਹੀ ਕਮਿਊਨਿਟੀ ਹੈਲਥ ਸੈਂਟਰ ਖੋਲ੍ਹਿਆ ਜਾਵੇਗਾ। ਉਨਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਖੋਲਣ ਦੇ ਨਾਲ ਇਥੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ ਅਤੇ ਇਲਾਜ ਲਈ ਆਧੁਨਿਕ ਸਾਜੋ-ਸਮਾਨ ਵੀ ਮੁਹਈਆ ਕਰਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਪਣੇ ਇਲਾਜ ਲਈ ਕਿਤੇ ਦੂਰ ਨਾ ਜਾਣਾ ਪਵੇ। ਸ. ਬਾਜਵਾ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਨਵਾਂ ਬਸ ਅਡਾ ਵੀ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਦੀ ਇਸ ਚਿਰਾਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਸਕੇ।ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਹਮੇਸ਼ਾਂ ਹੀ ਇਸ ਹਲਕੇ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਹੈਰੀ, ਨਿੰਦੀ ਸਾਹ, ਜੋਗਿੰਦਰ ਸਿੰਘ ਜ਼ਿਲਾ ਪ੍ਰੀਸ਼ਦ, ਮੁਖਵੰਤ ਸਿੰਘ ਕਾਹਲੋਂ ਸ਼ਾਹਬਾਦ, ਸਾਹਬ ਸਿੰਘ ਮੰਡ, ਭੁਪਿੰਦਰ ਸਿੰਘ ਭਗਤੂਪੁਰ, ਰਾਜਦੇਵ ਸਿੰਘ ਪੀ.ਏ, ਮੋਹਨ ਲਾਲ ਕਾਲੀਆ ਵੀ ਹਾਜ਼ਰ ਸਨ।