ਫ਼ਿਰੋਜ਼ਪੁਰ, 24 ਜਨਵਰੀ (ਰਵੀ ਸ਼ਰਮਾ)- ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁਲ ਡਰੈਸ ਰਿਹਰਸਲ ਦਾ ਨਿਰੀਖਣ ਰਾਸ਼ਟਰੀ ਤਿਰੰਗਾ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਪ੍ਰੀਤਮ ਸਿੰਘ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਉਨ੍ਹਾਂ ਵਲੋਂ 9 ਵਜੇਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਤੋਂ ਬਾਅਦ 9:58 ਮਿੰਟ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਪੁਲਿਸ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਵਖ-ਵਖ ਸਕੂਲਾਂ ਦੇ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿਧਾ ਤੇ ਭੰਗੜਾ ਤੇ ਗਤਕਾ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿਚ ਦਾ ਕੇਂਦਰ ਹੋਣਗੇ। ਇਸ ਮੌਕੇ ਵਖ ਵਖ ਸਕੂਲਾਂ ਦੇ ਵਿਦਿਆਰਥੀਆ ਵਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪਧਰੀ ਸਮਾਗਮ ਵਿਚ ਵਧ ਚੜ੍ਹ ਕੇ ਭਾਗ ਲੈਣ ਤਾਂ ਜੋ ਸ਼ਹੀਦਾਂ ਨੂੰ ਸਚੀ ਸ਼ਰਧਾਂਜਲੀ ਦਿਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਪ੍ਰੀਤਮ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿਚ ਪੂਰੇ ਜ਼ਿਲ੍ਹੇ ਅੰਦਰ ਸੁਰਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰਖਿਆ ਦੇ ਮਾਮਲੇ ਵਿਚ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆਂ ਨਾਲ ਪੂਰਨ ਸਹਿਯੋਗ ਕਰਨ।