ਸਹਿਕਾਰੀ ਬੈਂਕਾਂ ਦੇ 1.42 ਲਖ ਛੋਟੇ ਕਿਸਾਨਾਂ ਨੂੰ 1009 ਕਰੋੜ ਦੀ ਰਾਹਤ ਪ੍ਰਦਾਨ
ਸ੍ਰੀ ਆਨੰਦਪੁਰ ਸਾਹਿਬ, 24 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਹੈ ਕਿ ਜੇਕਰ ਕੇਂਦਰ ਨੇ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆਂ ਤਾਂ ਪੰਜਾਬ ਸਮੇਤ ਦੇਸ਼ ਦੇ ਬਾਕੀ ਰਾਜਾਂ ਵਿੱਚ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ। ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਆਪਣੇ ਤੌਰ ’ਤੇ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ’ਚੋਂ ਨਹੀਂ ਕੱਢ ਸਕਦੇ ਜਿਸ ਕਰਕੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਯਤਨ ਨਾ ਕਾਫੀ ਹਨ ਜਿਸ ਕਰਕੇ ਕੇਂਦਰ ਸਰਕਾਰ ਕਿਸਾਨਾਂ ਦਾ ਕਰਜ਼ ਮਾਫ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਵਿਰਸੇ ਵਿੱਚ 2.08 ਲੱਖ ਕਰੋੜ ਦਾ ਕਰਜ਼ਾ ਮਿਲਿਆ ਸੀ, ਜਿਸ ਕਰਕੇ ਉਹ ਪੰਜਾਬ ਸਰਕਾਰ ਦੇ ਸੀਮਤ ਸਾਧਨਾਂ ਵਿੱਚੋਂ ਜੋ ਵੱਧ ਤੋਂ ਵੱਧ ਹੋ ਸਕਦਾ ਸੀ, ਉਹ ਕਿਸਾਨਾਂ ਲਈ ਕਰ ਰਹੇ ਹਨ। ਉਨ੍ਹਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਅਨੇਕਾਂ ਵਾਰ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ ਪਰ ਉਹ ਕਿਸਾਨਾਂ ਦੀ ਗੰਭੀਰ ਹਾਲਤ ਨੂੰ ਸਮਝਣ ਵਿੱਚ ਨਾਕਾਮ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਲ 2018 ਦੇ ਸਾਉਣੀ ਸੀਜ਼ਨ ਦੌਰਾਨ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਸਬੰਧੀ ਮੁਹਿੰਮ ਚਲਾਈ ਗਈ ਜਿਸ ਦੇ ਨਤੀਜੇ ਵਜੋਂ ਯੂਰੀਆ ਅਤੇ ਡੀ.ਏ.ਪੀ.ਖਾਦਾਂ ਦੀ ਵਰਤੋਂ ਵਿਚ ਕ੍ਰਮਵਾਰ ਇਕ ਲਖ ਅਤੇ 46 ਹਜ਼ਾਰ ਮੀਟਰਿਕ ਟਨ ਦੀ ਕਮੀ ਸੰਭਵ ਹੋ ਸਕੀ ਹੈ। ਉਨ•ਾਂ ਕਿਹਾ ਕਿ ਰਾਜ ਸਰਕਾਰ ਸੂਬੇ ਵਿਚ ਨਕਲੀ ਬੀਜਾਂ ਅਤੇ ਖੇਤੀ ਕੀਟਨਾਸ਼ਕਾਂ ਦੀ ਵਿਕਰੀ ਨੂੰ ਰੋਕਣ ਲਈ 24 ਘੰਟੇ ਨਿਗਰਾਨੀ ਰਖਣ ਲਈ ਵਚਨਬਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਖੇਤ ਦੀ ਵਹਾਈ ਤੇ ਉਸ ਨੂੰ ਤਿਆਰ ਕਰਨ ਵਿਚ ਆ ਰਹੇ ਵਾਧੂ ਖਰਚ ਦੀ ਭਰਪਾਈ ਲਈ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ।