ਪੰਜਾਬ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਏ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਕੇਸਾਂ ਦੀ ਜਾਂਚ ਲਈ ਕਾਇਮ ਵਿਸ਼ੇਸ਼ ਟੀਮ ਵੱਲੋਂ ਮੋਗਾ ਦੇ ਸਾਬਕਾ ਐੈਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਹੋਰ ਗ੍ਰਿਫਤਾਰੀਆਂ ਲਈ ਯਤਨ ਹੋ ਰਹੇ ਹਨ। ਸਾਬਕਾ ਐਸ.ਐਸ.ਪੀ. ਸੰਗਤ ’ਤੇ ਗੋਲੀਆਂ ਚਲਾਉਣ ਵਾਲੇ ਪ੍ਰਮੁੱਖ ਦੋਸ਼ੀਆਂ ਵਿੱਚ ਸ਼ਾਮਿਲ ਸੀ। ਅਦਾਲਤ ਨੇ ਉਸ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪੁਲਿਸ ਰਿਮਾਂਡ ਦੌਰਾਨ ਇਸ ਬਹੁਤ ਹੀ ਅਫਸੋਸਨਾਕ ਕਾਂਡ ਦੇ ਹੋਰ ਪਹਿਲੂ ਸਾਹਮਣੇ ਆ ਸਕਦੇ ਹਨ। ਸਿੱਖ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਇਨਸਾਫ਼ ਦੀ ਲੰਬੇ ਸਮੇਂ ਤੋਂ ਉਡੀਕ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਕੇਸ ਨੂੰ ਦਬਾਈ ਰੱਖਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਸ ਮਾਮਲੇ ਵਿੱਚ ਇਨਸਾਫ ਦੇਣ ਦਾ ਵਾਅਦਾ ਕੀਤਾ ਸੀ। ਦੋਸ਼ੀ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਉਣ ਕਾਰਨ ਇਸ ਕੇਸ ਵਿੱਚ ਫੌਰੀ ਤੌਰ ’ਤੇ ਕਾਰਵਾਈ ਨਹੀਂ ਹੋ ਸਕੀ। ਲੰਘੀ 24 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਦੋਸ਼ੀ ਠਹਿਰਾਏ ਗਏ ਚਰਨਜੀਤ ਸ਼ਰਮਾ ਅਤੇ ਹੋਰਨਾਂ ਪੁਲੀਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ ਕਰ ਦਿਤੀ ਸੀ। ਨਾਮਜ਼ਦ ਪੁਲਿਸ ਅਧਿਕਾਰੀਆਂ ਨੂੰ ਐਸ.ਆਈ.ਟੀ ਨੇ 29 ਜਨਵਰੀ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਸੀ। ਅਕਤੂਬਰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਦੋ ਨਿਰਦੋਸ਼ ਸਿੱਖਾਂ ਸ਼ਹੀਦ ਹੋ ਗਏ ਸਨ। ਪੁਲਿਸ ਤਸ਼ੱਦਦ ਨਾਲ ਦਰਜਨਾਂ ਸਿੰਘ ਜ਼ਖਮੀ ਹੋਏ ਸਨ। ਇਹ ਚੰਗੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਦੋਸ਼ੀਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਉਮੀਦ ਕਰਨੀ ਚਾਹੀਦੀ ਹੈ ਕਿ ਇਸ ਕੇਸ ਦੇ ਸਾਰੇ ਦੋਸ਼ੀ ਜਲਦੀ ਹੀ ਅੰਦਰ ਹੋਣਗੇ ਅਤੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਲਈ ਯਤਨ ਕੀਤੇ ਜਾਣਗੇ। ਸਿੱਖ ਭਾਈਚਾਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਖਿਲਾਫ ਵੱਡਾ ਰੋਸ ਹੈ। ਸਿੱਖ ਸੰਗਤਾਂ ਚਾਹੁੰਦੀਆਂ ਹਨ ਕਿ ਇਸ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਮਿਲਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਇਨਸਾਫ ਦੀ ਗੱਲ ਨੂੰ ਅੱਗੇ ਤੋਰਿਆ ਹੈ ਅਤੇ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਦਾ ਵਾਅਦਾ ਕੀਤਾ ਹੈ।
– ਬਲਜੀਤ ਸਿੰਘ ਬਰਾੜ