May 12, 2026 12:26 pm

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਰੋਜ਼ਗਾਰ ਮੇਲਿਆਂ ’ਚ ਵੱਧ ਤੋਂ ਵੱਧ ਲੋੜਵੰਦਾਂ ਅਤੇ ਰੋਜ਼ਗਾਰ ਦੇਣ ਵਾਲੀਆਂ ਕੰਪਨੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਆਦੇਸ਼

ਸੰਗਰੂਰ, 4 ਫ਼ਰਵਰੀ- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ’ਚ ਰਾਜ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਲਾਗੂ ਕਰਨ, ਸ਼ਹਿਰਾਂ ਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਰਾਜ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਿਭਾਗੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਘਰ ਘਰ ਰੋਜ਼ਗਾਰ ਮਿਸ਼ਨ ਦੀ ਸਮੀਖਿਆ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ’ਚ ਵੱਧ ਤੋਂ ਵੱਧ ਲੋੜਵੰਦਾਂ ਅਤੇ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਘਰ ਘਰ ਰੋਜ਼ਗਾਰ ਪੋਰਟਲ ’ਤੇ ਵੱਧ ਤੋਂ ਵੱਧ ਬਿਨੇਕਾਰਾਂ ਨੂੰ ਰਜਿਸਟਰਡ ਕੀਤਾ ਜਾਵੇ ਅਤੇ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵੀ ਠੋਸ ਯਤਨ ਕੀਤੇ ਜਾਣ। ਕਿਸਾਨ ਕਰਜ਼ਾ ਰਾਹਤ ਯੋਜਨਾ ਦੀ ਸਮੀਖਿਆ ਕਰਦਿਆਂ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ 40631 ਸੀਮਾਂਤ ਕਿਸਾਨਾਂ ਦੇ 4 ਪੜਾਵਾਂ ’ਚ 273 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਗਏ ਅਤੇ ਹੁਣ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਦਿੰਦੇ ਹੋਏ ਪਹਿਲੇ ਪੜਾਅ ਅਧੀਨ 13550 ਕਿਸਾਨਾਂ ਨੂੰ 88 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮਾਰਟ ਕਾਰਡਾਂ ਦੀ ਪੜਤਾਲ ਪ੍ਰਕਿਰਿਆ, ਆਸ਼ਰੀਵਾਦ ਸਕੀਮ, ਪੈਨਸ਼ਨਾਂ ਦੀ ਵੰਡ, ਸੇਵਾ ਕੇਂਦਰਾਂ, ਜਲ
ਸਪਲਾਈ ਸਕੀਮਾਂ, ਉਚੇਰੀ ਸਿੱਖਿਆ, ਸਮਾਰਟ ਪਿੰਡ, ਸਮਾਰਟ ਸਕੂਲਾਂ, ਵੈਲਨੈਸ ਕਲੀਨਿਕਾਂ ਸਬੰਧੀ ਵੀ ਜਾਇਜ਼ਾ ਲਿਆ। ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ, ਡੇਪੋ, ਬੱਡੀ, ਘਰ-ਘਰ ਰੋਜ਼ਗਾਰ, ਘਰ ਘਰ ਹਰਿਆਲੀ ਆਦਿ ਮਿਸ਼ਨਾਂ ਦਾ ਮੁੱਖ ਮਨੋਰਥ ਰਾਜ ਦੇ ਨਾਗਰਿਕਾਂ ਨੂੰ ਸਿਹਤਮੰਦ ਆਲਾ-ਦੁਆਲਾ ਸਿਰਜ ਕੇ ਵੱਧ ਤੋਂ ਵੱਧ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਅਵਿਕੇਸ਼ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਧੂਰੀ ਦੀਪਕ ਰੋਹੀਲਾ, ਐਸ.ਡੀ.ਐਮ ਮਲੇਰਕੋਟਲਾ ਚਰਨਦੀਪ ਸਿੰਘ, ਐਸ.ਡੀ.ਐਮ ਅਹਿਮਦਗੜ੍ਹ ਪੂਨਮਪ੍ਰੀਤ ਕੌਰ, ਸਹਾਇਕ ਕਮਿਸ਼ਨਰ ਇਨਾਇਤ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ, ਓ.ਐਸ.ਡੀ ਦਲਜੀਤ ਸਿੰਘ, ਪੀ.ਏ ਦਰਬਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Send this to a friend