ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ, ਮੀਡੀਆ ਤੋਂ ਉਸਾਰੂ ਸਹਿਯੋਗ ਦੀ ਕੀਤੀ ਮੰਗ
ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਮਨੋਜ ਭੱਲਾ) ਜ਼ਿਲ੍ਹੇ ਵਿੱਚ ਡਰ ਤੇ ਭੈਅ ਮੁਕਤ ਮਾਹੌਲ ਦੀ ਸਿਰਜਣਾ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨੀ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਇਨਸਾਫ ਦਿਵਾਉਣਾ ਜ਼ਿਲ੍ਹਾ ਪੁਲਿਸ ਦੀ ਤਰਜੀਹ ਹੋਵੇਗੀ ਅਤੇ ਟਰੈਫਿਕ ਸਬੰਧੀ ਸਮੱਸਿਆ ਹੱਲ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ
ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਦਬਾਅ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਪੂਰੀ ਮੁਸ਼ਤੈਦੀ ਨਾਲ ਕੰਮ ਕਰੇਗੀ। ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਨਸ਼ਿਆਂ ਦੀ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾਂ ਪੁਲਿਸ ਨੂੰ ਜਰੂਰ ਦੇਣ । ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਉਹ ਆਪਣੇ ਕਾਰਜ ਕਾਲ ਦੌਰਾਨ ਲੜਕੀਆਂ ਦੀ ਸਿੱਖਿਆ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ ਤੌਰ ’ਤੇ ਉਪਰਾਲੇ ਕਰਨਗੇ। ਉਨ੍ਹਾਂ ਦੱਸਿਆ ਕਿ ਲੜਕੀਆਂ ਨਾਲ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਜ਼ਿਲ੍ਹੇ ਦੇ ਖਾਸ ਕਰ ਲੜਕੀਆਂ ਦੇ ਸਕੂਲਾਂ ਤੇ ਕਾਲਜਾਂ ਦੇ ਇਰਦ ਗਿਰਦ ਲਗਾਤਾਰ ਨਜਰ ਰੱਖਣਗੀਆਂ। ਸ੍ਰੀਮਤੀ ਕੌਂਡਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚੋਂ ¦ਘਦੀ ਜੀ.ਟੀ. ਰੋਡ, ਮੰਡੀ ਗੋਬਿੰਦਗੜ੍ਹ, ਅਮਲੋਹ ਅਤੇ ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਾਸਤੇ ਵਿਸ਼ੇਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਤੀ ਲੋਕਾਂ ਦੀ ਫੀਡ ਬੈਕ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਹਾਂ ਪੱਖੀ ਰਵੱਈਆ ਅਪਣਾਉਣ।