ਸੰਗਰੂਰ, 25 ਫਰਵਰੀ (ਪਰਮਜੀਤ ਸਿੰਘ ਲੱਡਾ)- ਪੰਜਾਬ ਸਰਕਾਰ ਦੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਅਧੀਨ ਆਉਂਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 15.25 ਕਰੋੜ ਰੁਪਏ ਦੀ ਰਾਸ਼ੀ ਮੰਜੂਰ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਰਾਸ਼ੀ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਖਰਚ ਕੀਤੀ ਜਾਵੇਗੀ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਖਰਚਿਆਂ ਲਈ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਰੂਪ ਰੇਖਾ ਸਰਕਾਰ ਵੱਲੋਂ ਪ੍ਰਵਾਨ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ’ਚ ਟੈਂਡਰਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਛੇਤੀ ਹੀ ਸ਼ਹਿਰਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫੰਡ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਪ੍ਰਾਪਤ ਹੋਣਗੇ ਅਤੇ ਇਸ ਤਹਿਤ ਜ਼ਿਲ੍ਹਾ ਸੰਗਰੂਰ ਦੀਆਂ 5 ਏ ਕਲਾਸ ਨਗਰ ਕੌਂਸਲਾਂ ਸੰਗਰੂਰ, ਸੁਨਾਮ ਅਤੇ ਮਲੇਰਕੋਟਲਾ ਲਈ 2-2 ਕਰੋੜ ਰੁਪਏ, ਬੀ ਕਲਾਸ ਨਗਰ ਕੌਂਸਲਾਂ ਭਵਾਨੀਗੜ੍ਹ, ਅਹਿਮਦਗੜ੍ਹ, ਲਹਿਰਾਗਾਗਾ ਅਤੇ ਧੂਰੀ ਲਈ ਡੇਢ-ਡੇਢ ਕਰੋੜ ਰੁਪਏ ਮੰਜੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਲੌਂਗੋਵਾਲ ਲਈ 75 ਲੱਖ ਰੁਪਏ ਦੀ ਰਾਸ਼ੀ ਜਦਕਿ ਨਗਰ ਪੰਚਾਇਤ ਅਮਰਗੜ੍ਹ, ਮੂਣਕ, ਖਨੌਰੀ, ਚੀਮਾ ਅਤੇ ਦਿੜ੍ਹਬਾ ਲਈ 50-50 ਲੱਖ ਰੁਪਏ ਦੀ ਰਾਸ਼ੀ ਜਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੁਆਰਾ ਕਰਵਾਏ ਜਾਣ ਵਾਲੇ ਕਾਰਜਾਂ ਵਿੱਚ ਗਲੀਆਂ-ਨਾਲੀਆਂ ਦੀ ਮੁਰੰਮਤ, ਇੰਟਰਲਾਕਿੰਗ, ਚਾਰਦੀਵਾਰੀ, ਖੇਡ ਸਟੇਡੀਅਮਾਂ ਦੇ ਟਰੈਕ ਆਦਿ ਜਿਹੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਵਾਲੇ ਕਾਰਜ ਸ਼ਾਮਲ ਹੋਣਗੇ ਅਤੇ ਜਲਦੀ ਹੀ ਇਸ ਸਬੰਧੀ ਵਿਭਾਗੀ ਪ੍ਰਕਿਰਿਆ ਆਰੰਭ ਹੋ ਜਾਵੇਗੀ।