ਫਿਰੋਜ਼ਪੁਰ (ਰਵੀ ਸ਼ਰਮਾ)- ਬੀਤੇ ਦਿਨ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿਤਾ ਸੀ ਅਤੇ ਬੀਤੇ ਦਿਨ ਤੋਂ ਹੀ ਇਹ ਆਸ ਲਗਾਈ ਜਾ ਰਹੀ ਸੀ ਕਿ ਘੁਬਾਇਆ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਇੰਚਾਰਜ਼ ਆਸ਼ਾ ਕੁਮਾਰੀ ਦੀ ਮੌਜ਼ੂਦਗੀ ਵਿਚ ਅਜ ਸ਼ੇਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ। ਬੀਤੇ ਦਿਨ ਹੀ ਦਾਅਵਾ ਕਰ ਦਿਤਾ ਗਿਆ ਸੀ ਕਿ ਸ਼ੇਰ ਸਿੰਘ ਘੁਬਾਇਆ ਆਉਣ ਵਾਲੇ ਇਕ-ਦੋ ਦਿਨਾਂ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਜਾਣਗੇ, ਕਿਉਂਕਿ ਘੁਬਾਇਆ ਦਾ ਪੁਤਰ ਦਵਿੰਦਰ ਸਿੰਘ ਘੁਬਾਇਆ ਕਾਂਗਰਸ ਦਾ ਵਿਧਾਇਕ ਹੈ। ਇਥੇ ਦਸ ਇਹ ਵੀ ਦਈਏ ਕਿ ਬੀਤੇ ਦਿਨ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿਤੇ ਅਸਤੀਫੇ ਵਿਚ ਸਪਸ਼ਟ ਕਰ ਹੀ ਦਿਤਾ ਸੀ ਕਿ ਉਹ ਸੁਖਬੀਰ ਬਾਦਲ ਦੀਆਂ ਗਲਤ ਨੀਤੀਆਂ ਤੋਂ ਪ੍ਰੇਸ਼ਾਨ ਹੈ ਅਤੇ ਇਸ ਕਰਕੇ ਉਹ ਅਕਾਲੀ ਦਲ ਨੂੰ ਅਲਵਿਦਾ ਆਖ ਰਿਹਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਇੰਚਾਰਜ਼ ਆਸ਼ਾ ਕੁਮਾਰੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼ੇਰ ਸਿੰਘ ਘੁਬਾਇਆ ਬਿਨਾ ਸ਼ਰਤ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।