ਬਟਾਲਾ (ਲੱਕੀ ਰਾਜਪੂਤ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਦੋ ਧਾਰਮਿਕ ਨਗਰਾਂ ਘੁਮਾਣ ਅਤੇ ਸ੍ਰੀ ਅੱਚਲ ਸਾਹਿਬ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੰਦਿਆਂ ਇਨ੍ਹਾਂ ਦੋਵਾਂ ਨਗਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸ. ਬਲਵਿੰਦਰ ਸਿੰਘ ਲਾਡੀ, ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ 6 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਅੱਚਲ ਸਾਹਿਬ ਵਿਖੇ ਵਿਕਾਸ ਕਾਰਜਾਂ ਅਤੇ 11 ਵਜੇ ਘੁਮਾਣ ਵਿਖੇ ਸੀਵਰੇਜ ਅਤੇ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਨਾਮਦੇਵ ਨਗਰ ਘੁਮਾਣ ਵਿਖੇ 16.64 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਵਾਟਰ ਸਪਲਾਈ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਤਹਿਤ ਘੁਮਾਣ ਨਗਰ ਦੇ ਹਰ ਘਰ ਨੂੰ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅੱਚਲ ਸਾਹਿਬ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਅਤੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੱਚਲ ਸਾਹਿਬ ਲਈ ਰਾਜ ਸਰਕਾਰ ਵਲੋਂ ਬਹੁਤ ਜਲਦੀ ਹੋਰ ਵੀ ਗ੍ਰਾਂਟ ਭੇਜੀ ਜਾ ਰਹੀ ਹੈ।