ਸ਼ਰਧਾਲੂਆਂ ਦੀ ਸੁਰੱਖਿਆ ਲਈ ਤੈਨਾਤ ਹੋਣਗੇ 2200 ਪੁਲਿਸ ਅਧਿਕਾਰੀ ਤੇ ਕਰਮਚਾਰੀ : ਐਸ.ਐਸ.ਪੀ.

ਸ੍ਰੀ ਅਨੰਦਪੁਰ ਸਾਹਿਬ, 15 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- 16 ਮਾਰਚ ਨੂੰ ਸ਼ੁਰੂ ਹੋਣ ਵਾਲੇ ਤਿਉਹਾਰ ਹੌਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਪੁੱਜਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਟਰੈਫਿਕ ਚਲਾਉਣ, ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ 8 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮੇਲਾ ਖੇਤਰ ਤੇ ਨਿਗਰਾਨੀ ਰੱਖੀ ਜਾ ਰਹੀ ਹੈ। 2200 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਮੂਚੇ ਮੇਲਾ ਖੇਤਰ ਵਿੱਚ ਤੈਨਾਤ ਕੀਤੇ ਗਏ ਹਨ। ਇਹ ਜਾਣਕਾਰੀ ਐਸ.ਐਸ.ਪੀ. ਰੂਪਨਗਰ ਸ੍ਰੀ ਸਵਪਨ ਸ਼ਰਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਮੇਲਾ ਖੇਤਰ ਵਿੱਚ ਧਾਰਾ-144 ਅਧੀਨ ਜੋ ਵੀ ਪਾਬੰਦੀਆਂ ਦੇ ਆਦੇਸ਼ ਲਾਗੂ ਕੀਤੇ ਗਏ ਹਨ ਉਨ੍ਹਾਂ ਦੀ ਪਾਲਣਾ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੇਲੇ ਦੌਰਾਨ ਗੈਰ ਸਮਾਜੀ ਅਨਸਰਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਨੂੰ ਵੀ ਅਮਨ ਅਤੇ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Send this to a friend