Skip to content
Independent perspectives. Global stories.
BREAKING

ਮਹਿਲਾ ਡਰੱਗ ਇੰਸਪੈਕਟਰ ਨੂੰ ਗੋਲੀ ਮਾਰਨ ਬਾਅਦ ਨੌਜਵਾਨ ਵੱਲੋਂ ਖੁਦਕੁਸ਼ੀ

Share this story

ਖਰੜ, 29 ਮਾਰਚ (ਹਰਵਿੰਦਰ ਮਹਿਰਾ)- ਸਿਵਲ ਹਸਪਤਾਲ ਖਰੜ ਵਿੱਚ ਸਥਿਤ ਡਰੱਗ, ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿੱਚ ਅੱਜ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਾ. ਨੇਹਾ ਸ਼ੌਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ ਨੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਦੀ ਬਾਅਦ ਵਿੱਚ ਪੀ.ਜੀ.ਆਈ. ਚੰਡੀਗੜ੍ਹ ਵਿੱਚ ਮੌਤ ਹੋ ਗਈ। ਜ਼ਿਲ੍ਹਾ ਪੁਲੀਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਤਲ ਦਸ ਸਾਲ ਪੁਰਾਣੀ ਰੰਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਬਲਵਿੰਦਰ ਸਿੰਘ ਸਾਲ 2009 ਵਿੱਚ ਮੋਰਿੰਡਾ ਵਿੱਚ
ਜਸਪ੍ਰੀਤ ਮੈਡੀਕਲ ਸਟੋਰ ਨਾਂ ਦੀ ਕੈਮਿਸਟ ਦੀ ਦੁਕਾਨ ਚਲਾਉਂਦਾ ਸੀ, ਉਦੋਂ ਡਾ. ਸ਼ੌਰੀ ਰੋਪੜ ਵਿੱਚ ਡਰੱਗ ਇੰਸਪੈਕਟਰ ਵਜੋਂ ਤਾਇਨਾਤ ਸਨ। ਡਾ. ਸ਼ੌਰੀ ਨੇ 29 ਸਤੰਬਰ 2009 ਨੂੰ ਜਸਪ੍ਰੀਤ ਮੈਡੀਕਲ ਸਟੋਰ ਉਤੇ ਛਾਪਾ ਮਾਰਿਆ ਸੀ, ਜਿਸ ਦੌਰਾਨ ਉਥੋਂ ਨਸ਼ੇ ਲਈ ਵਰਤੀਆਂ ਜਾਂਦੀਆਂ 35 ਤਰ੍ਹਾਂ ਦੀਆਂ ਦਵਾਈਆਂ ਬਰਾਮਦ ਹੋਈਆਂ ਸਨ, ਜਿਨ੍ਹਾਂ ਸਬੰਧੀ ਕੋਈ ਦਸਤਾਵੇਜ਼ ਨਹੀਂ ਸਨ। ਇਸ ਕਾਰਨ ਡਾ. ਸ਼ੌਰੀ ਨੇ ਜਸਪ੍ਰੀਤ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ।ਸ. ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਲਾਇਸੈਂਸ ਰੱਦ ਹੋਣ ਕਾਰਨ ਬਲਵਿੰਦਰ ਸਿੰਘ ਗੁੱਸੇ ਵਿੱਚ ਸੀ। ਉਸ ਨੇ 8 ਮਾਰਚ 2019 ਨੂੰ ਅਸਲ੍ਹਾ ਲਾਇਸੈਂਸ ਬਣਾਇਆ ਅਤੇ 11 ਮਾਰਚ ਨੂੰ ਇਸ ਲਾਇਸੈਂਸ ਉਤੇ .32 ਬੋਰ ਦਾ ਪਿਸਤੌਲ ਚੜ੍ਹਾਇਆ ਸੀ। ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮ ਇਹ ਪਿਸਤੌਲ ਲੈ ਕੇ ਸਿਵਲ ਹਸਪਤਾਲ ਖਰੜ ਵਿੱਚ ਸਥਿਤ ਡਰੱਗ, ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿੱਚ ਪੁੱਜਿਆ, ਜਿੱਥੇ ਉਸ ਨੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਾ. ਨੇਹਾ ਸ਼ੌਰੀ ਨੂੰ ਤਿੰਨ ਗੋਲੀਆਂ ਮਾਰੀਆਂ। ਇਸ ਮਗਰੋਂ ਉਸ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੈਬ ਦੇ ਸਟਾਫ ਤੇ ਹੋਰ ਲੋਕਾਂ ਨੇ ਉਸ ਨੂੰ ਘੇਰ ਲਿਆ। ਇਸ ਉਤੇ ਪਹਿਲਾਂ ਤਾਂ ਉਸ ਨੇ ਪਿਸਤੌਲ ਦਿਖਾ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਵਾਹ ਨਾ ਚਲਦੀ ਦੇਖ ਕੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਡਾ. ਸ਼ੌਰੀ ਤੇ ਮੁਲਜ਼ਮ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਪੀ.ਜੀ.ਆਈ. ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਵਿੱਚ ਜੋ ਵੀ ਸਾਹਮਣੇ ਆਇਆ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

WRITTEN BY