ਨਵੀਂ ਦਿਲੀ, 16 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਐਸ.ਆਈ.ਟੀ. ਵਿਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਤੋਂ ਤਾਇਨਾਤ ਕੀਤਾ ਜਾਵੇ। ਕਮਿਸ਼ਨ ਨੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਨੂੰ ਅਕਾਲੀ ਦਲ ਦੀ ਸ਼ਿਕਾਇਤ ’ਤੇ ਐਸ.ਆਈ.ਟੀ. ਤੋਂ ਹਟਾ ਦਿਤਾ ਸੀ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਪਾ, ‘ਆਪ’ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਪਾਰਟੀ ਛਡ ਚੁਕੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਦੇ ਵਫ਼ਦ ਨੇ ਮੁਖ ਚੋਣ ਕਮਿਸ਼ਨਰ ਨਾਲ ਦਿਲੀ ਵਿਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿਚ ਅੜਿਕੇ ਡਾਹੁਣ ਲਈ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਵਫ਼ਦ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਛੇਤੀ ਹੀ ਇਸ ਮਾਮਲੇ ਦਾ ਨਿਬੇੜਾ ਕਰਨਗੇ।