ਲੁਧਿਆਣਾ, 23 ਅਪ੍ਰੈਲ (ਪੀ. ਟੀ.ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਦਿਨੋਂ ਦਿਨ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਸਮੁੱਚੇ ਪੰਜਾਬੀਆਂ ਦੇ ਲਈ ਵੱਡੀ ਖਤਰੇ ਦੀ ਘੰਟੀ ਹੈ, ਜਿਸ ਨੂੰ ਰੋਕਣ ਦੇ ਲਈ ਸਮੂਹ ਧਾਰਮਿਕ, ਸਮਾਜਿਕ ਤੇ ਰਾਜਨੀਤਕ ਜੱਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਪੂਰੀ ਸੁਹਿਰਦਤਾ ਦੇ ਨਾਲ ਆਪਣੀ ਜੋਰਦਾਰ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂ ਹੀ ਅਸੀ ਨਸ਼ਿਆਂ ਦੀ ਦਲ-ਦਲ ਵਿੱਚ ਫਸਦੀ ਜਾ ਰਹੀ ਪੰਜਾਬ ਦੀ ਜੁਆਨੀ ਨੂੰ ਬਚਾ ਸਕਾਗੇ। ਅੱਜ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਥਿਤ ਆਪਣੇ ਗ੍ਰਹਿ ਵਿਖੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਠੋਸ ਕਦਮ ਚੁੱਕਣ ਦੀ ਮੰਗ ਨੂੰ ਲੈ ਕੇ ਆਪਣਾ ਮੰਗ ਪੱਤਰ ਦੇਣ ਲਈ ਉਚੇਚੇ ਤੌਰ ਮਾਤੜਸਾਥੀ
ਜਾਗ੍ਰਿਤੀ ਮੰਚ (ਰਜਿ.) ਪੰਜਾਬ ਦੇ ਪ੍ਰਧਾਨ ਸ਼੍ਰੀ ਕੀਮਤੀ ਰਾਵਲ ਦੀ ਅਗਵਾਈ ਹੇਠ ਪੁੱਜੇ ਮੰਚ ਦੇ ਪ੍ਰਮੁੱਖ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਸ਼੍ਰੋਮਣੀ ਕਮੇਟੀ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਵੱਧਦੇ ਹੋਏ ਰੁਝਾਨ ਤੋਂ ਮੁਕਤ ਕਰਵਾਉਣ ਲਈ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਜੋਰਦਾਰ ਉਪਰਾਲੇ ਕਰ ਰਹੀ ਹੈ ਤਾਂ ਕਿ ਸਮੁੱਚੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ । ਇਸੇ ਮਿਸ਼ਨ ਦੀ ਪ੍ਰਾਪਤੀ ਦੇ ਲਈ ਸ਼੍ਰੋਮਣੀ ਕਮੇਟੀ ਨੇ ਪਿਛਲੇ ਦਿਨੀ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ਤੋਂ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਇੱਕ ਨਸ਼ਾ ਵਿਰੋਧੀ ਮਾਰਚ ਵੀ ਆਯੋਜਿਤ ਕੀਤਾ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਇਸ ਸਬੰਧੀ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਧਰਮਾਂ ਦੇ ਆਗੂਆਂ ਤੇ ਸੰਗਤਾਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਹੋਇਆ ਕਿਹਾ ਕਿ ਨਸ਼ਿਆਂ ਦੇ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਮੁਕਤ ਕਰਵਾਉਣ ਦੇ ਲਈ ਉਹ ਸਾਂਝੇ ਰੂਪ ਵਿੱਚ ਆਪਣੀ ਜ਼ੋਰਦਾਰ ਮੁਹਿੰਮ ਚਲਾਉਣ ਤੇ ਪੰਜਾਬ ਦੀ ਜੁਆਨੀ ਨੂੰ ਸੰਭਾਲਣ ਦੇ ਲਈ ਇਕੱਠੇ ਹੋ ਕੇ ਹੰਭਲਾ ਮਾਰਨ। ਇਸ ਤੋਂ ਪਹਿਲਾ ਮਾਤੜ ਸਾਥੀ ਜਾਗ੍ਰਿਤੀ ਮੰਚ (ਰਜਿ.) ਪੰਜਾਬ ਦੇ ਪ੍ਰਮੁੱਖ ਆਗੂਆਂ ਸ਼੍ਰੀ ਕੀਮਤੀ ਰਾਵਲ, ਡਾ. ਇੰਦਰਜੀਤ ਸਿੰਘ ਢੀਗਰਾ, ਮਾਸਟਰ ਬਲਬੀਰ ਚੇਅਰਮੈਨ ਰਵਿਦਾਸ ਸਭਾ, ਕਮਲ ਕੁਮਾਰ ਪ੍ਰਧਾਨ ਆਦ ਧਰਮ ਮਿਸ਼ਨ ਭਾਰਤ, ਹਰਮੀਤ ਸਿੰਘ ਬੱਗਾ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ ਸਲੀਬ ਟਾਬਰੀ, ਭੁਪਿੰਦਰ ਨਾਗਪਾਲ, ਸ. ਅਮਰੀਕ ਸਿੰਘ ਢੀਗਰਾ, ਜੇ.ਪੀ. ਸਿੰਘ, ਦਲਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਸਾਂਝੇ ਰੂਪ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੂੰ ਆਪਣਾ ਮੰਗ-ਪੱਤਰ ਸੌਂਪਿਆ ਅਤੇ ਸ਼੍ਰੋਮਣੀ ਕਮੇਟੀ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਆਪਣਾ ਹਰ ਪੱਖੋ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ।



