ਜਲੰਧਰ-ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦਾਂ ਨਾਲ ਕੀਤੀ ਗਈ ਛੇੜਛਾੜ ਤੋਂ ਬਾਅਦ ਇਸ ਮਾਮਲੇ ’ਤੇ ਬਵਾਲ ਖੜ੍ਹਾ ਹੋ ਗਿਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲੋਕ ਮਜੀਠੀਆ ਖਿਲਾਫ ਭੜਾਸ ਕੱਢ ਰਹੇ ਹਨ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਚੋਣ ਪ੍ਰਚਾਰ ਦੌਰਾਨ ਦਸਮ ਪਾਤਸ਼ਾਹ ਦੇ ਸ਼ਬਦ ਬਦਲ ਦਿੱਤੇ ਸਨ। ਮਜੀਠੀਆ ਦੇ ਇਸ ਵੀਡੀਓ ਨੂੰ ਆਧਾਰ ਬਣਾ ਕੇ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸ਼ੁੱਕਰਵਾਰ ਨੂੰ ਜਲੰਧਰ ’ਚ ਪ੍ਰੈ¤ਸ ਕਾਨਫਰੰਸ ਕੀਤੀ ਅਤੇ ਮਜੀਠੀਆ ਵੱਲੋਂ ਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਦੀ ਨਿੰਦਾ ਕੀਤੀ। ਇਸ ਦੌਰਾਨ ਕਾਂਗਰਸ ਵੱਲੋਂ ਮਜੀਠੀਆ ਦਾ ਪੁਤਲਾ ਵੀ ਫੂਕਿਆ ਗਿਆ। ਜਲੰਧਰ ‘ਚ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮਜੀਠੀਆ ਵੱਲੋਂ ਵੋਟਾਂ ਖਾਤਰ ਅਜਿਹਾ ਕਰਨਾ ਸ਼ਰਮਨਾਕ ਹੈ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮਜੀਠੀਆ ਇਸ ਮਾਮਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਮਾਫੀ ਮੰਗੇ। ਸ਼ੁੱਕਰਵਾਰ ਸਵੇਰ ਤੋਂ ਹੀ ਇਸ ਪੂਰੇ ਮਾਮਲੇ ’ਤੇ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਆਖੀਰਕਾਰ ਬਾਅਦ ਦੁਪਹਿਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ’ਤੇ ਮਾਫੀ ਮੰਗ ਲਈ। ਮਜੀਠੀਆ ਨੇ ਇਸ ਮਾਮਲੇ ’ਚ ਇੱਕ ਲਿਖਤੀ ਬਿਆਨ ਜਾਰੀ ਕਰਨ ਤੋਂ ਇਲਾਵਾ ਇੱਕ ਵੀਡੀਓ ਜਾਰੀ ਕਰਕੇ ਮਾਫੀ ਮੰਗੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਸਿਆਸੀ ਪਾਰਟੀ ਹੋਣ ਦੇ ਨਾਲ-ਨਾਲ ਪੰਥਕ ਪਾਰਟੀ ਦੇ ਨਾਂਅ ’ਤੇ ਵੀ ਜਾਣਿਆ ਜਾਂਦਾ ਹੈ।



