ਮੋਗਾ, 31 ਮਈ (ਪੰਜਾਬ ਟਾਇਮਜ਼ ਬਿਊਰੋ)- ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਮਾਣ ਦਿੱਤਾ ਗਿਆ ਹੈ। ਭਾਈ ਧਰਮ ਸਿੰਘ ਵਾਲਾ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਨਿਯੁਕਤੀ ਕਾਫੀ ਅਹਿਮੀਅਤ ਰੱਖਦੀ ਹੈ। ਭਾਈ ਧਰਮ ਸਿੰਘ ਵਾਲਾ ਵਿਦਿਆਰਥੀ ਅਤੇ ਯੂਥ ਆਗੂ ਵਜੋਂ ਕਾਫੀ ਹਰਮਨਪਿਆਰੇ ਹਨ ਅਤੇ ਉਨ੍ਹਾਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਵਿੱਚ ਸ਼ਾਨਦਾਰ ਸੇਵਾ ਨਿਭਾਈ ਹੈ। ਉਨ੍ਹਾਂ ਦੀ ਨਵੀਂ ਨਿਯੁਕਤੀ ਨਾਲ ਫੈਡਰੇਸ਼ਨ ਅਤੇ ਯੂਥ ਹਲਕਿਆਂ ਵਿੱਚ ਭਾਰੀ ਖੁਸ਼ੀ ਹੈ। ਉਨ੍ਹਾਂ ਦੇ ਲੋਕ ਸਭਾ ਅਤੇ ਵਿਧਾਨ ਸਭਾ ਹਲਕੇ ਵਿੱਚ ਵੀ ਇਸ ਨਿਯੁਕਤੀ ਦਾ ਭਾਰੀ ਸਵਾਗਤ ਹੋਇਆ ਹੈ। ਭਾਈ ਧਰਮ ਸਿੰਘ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਕਾਫੀ ਨਜ਼ਦੀਕੀ ਸਾਥੀ ਹਨ। ਇਸ ਨਿਯੁਕਤੀ ਲਈ ਭਾਈ ਧਰਮ
ਸਿੰਘ ਵਾਲਾ ਨੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਦਲ ਦੇ ਸੀਨਅਰ ਆਗੂ ਜੱਥੇਦਾਰ ਤੋਤਾ ਸਿੰਘ, ਹੈਲਥ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਮੱਖਣ ਬਰਾੜ, ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਦੇਣਗੇ।