ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ‘ਚ ਹਰੇਕ ਵਿਅਕਤੀ ਪਾਵੇ ਆਪਣਾ ਯੋਗਦਾਨ : ਡਿਪਟੀ ਕਮਿਸ਼ਨਰ

ਬਠਿੰਡਾ, 3 ਜੂਨ (ਗੁਰਮੀਤ ਸੇਮਾ)- ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆਵਲ ਰੱਖਣ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਅੱਜ 5 ਜੂਨ ਨੂੰ ਮਨਾਏ ਜਾਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਅਧਿਕਾਰੀਆਂ ਨਾਲ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ
ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਦਿਵਸ ਸਬੰਧੀ ਸਮੂਹ ਵਿਭਾਗ ਆਪਣਾ ਐਕਸ਼ਨ ਪਲਾਨ ਤਿਆਰ ਕਰਕੇ ਮੀਟਿੰਗ ਉਪਰੰਤ ਜਮ੍ਹਾ ਕਰਵਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਦੀ ਕਲਪਨਾ ਹੀ ਸਵੱਛ ਵਾਤਾਵਰਨ ‘ਤੇ ਨਿਰਭਰ ਕਰਦੀ ਹੈ। ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਸਾਨੂੰ ਤੰਦਰੁਸਤੀ ਅਤੇ ਬਿਮਾਰੀਆਂ ਮੁਕਤ ਜੀਵਨ ਬਤੀਤ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਜੇਕਰ ਅਸੀਂ ਪਾਣੀ ਦੀ ਦੁਰਵਰਤੋਂ ਕਰਾਂਗੇ, ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

Send this to a friend