ਕੈਪਟਨ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ

ਚੰਡੀਗੜ੍ਹ, 3 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ। ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ ਦੇ ਪ੍ਰਬੰਧਾਂ ਸਬੰਧੀ ਇਕ
ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ 100 ਫੀਸਦੀ ਲਾਗਤ ਸਬਸਿਡੀ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦ੍ਰਿੜ ਹੈ। ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਪਟਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਗਰਮੀਆਂ ਦੌਰਾਨ 24 ਘੰਟੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਹਨ।

Send this to a friend