ਚੰਡੀਗੜ੍ਹ, 6 ਜੂਨ, (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ ਪਿਛੇਤੀ ਬਿਜਾਈ ਕਾਰਨ ਕਿਸਾਨਾਂ ਨੂੰ ਪੇਸ਼ ਆਉਂਦੀਆਂ ਔਕੜਾਂ ਤੋਂ ਨਿਜਾਤ ਦਿਵਾਉਣ ਲਈ ਮਦਦਗ਼ਾਰ ਸਿੱਧ ਹੋਵੇਗਾ।