Skip to content
Independent perspectives. Global stories.
BREAKING

ਫ਼ਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ : ਸਿਹਤ ਮੰਤਰੀ

Share this story

ਫ਼ਾਜ਼ਿਲਕਾ, 10 ਜੂਨ (ਅਬਰੋਲ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਲਾਨ ਕੀਤਾ ਕਿ ਫ਼ਾਜ਼ਿਲਕਾ ਸ਼ਹਿਰ ਨੂੰ ਛੇਤੀ ਹੀ ਨਵਾਂ ਬੱਸ ਸਟੈਂਡ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਸਟੈਂਡ ਨੂੰ ਭੀੜ-ਭਾੜ ਵਾਲੀ ਥਾਂ ਤੋਂ ਤਬਦੀਲ ਕਰਕੇ ਫ਼ਾਜ਼ਿਲਕਾ-ਅਬੋਹਰ ਰੋਡ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਬਣਾਉਣ ਲਈ ਅੜਚਣਾਂ ਦੂਰ ਕਰ ਲਈਆਂ ਗਈਆਂ ਹਨ ਅਤੇ ਛੇਤੀ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨਾ ਕੇਵਲ ਯਾਤਰੀਆਂ ਨੂੰ ਸਹੂਲਤ ਹੋਵੇਗੀ, ਸਗੋਂ
ਇਸ ਨਾਲ ਸ਼ਹਿਰ ਦੀ ਆਵਾਜਾਈ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਸਮੂਹ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ ਅਤੇ ਫ਼ਲੈਗਸ਼ਿਪ ਪ੍ਰੋਗਰਾਮਾਂ ਨੂੰ ਪਹਿਲ ਦੇ ਆਧਾਰ ‘ਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਲਈ ਆਖਿਆ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਤਹਿਸੀਲ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਦਾਣਾ ਮੰਡੀਆਂ ਦੇ ਫੜਾਂ ਵਿੱਚ ਵਾਧਾ ਕਰਨ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਮੰਡੀਆਂ ਵਿੱਚ ਪਾਣੀ ਖੜ੍ਹਾ ਹੋਣ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਮੰਡੀਆਂ ‘ਚ ਸੀਵਰੇਜ ਵਿਵਸਥਾ ਨੂੰ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਦੇ ਵਿਧਾਇਕ ਸ਼੍ਰੀ ਨੱਥੂ ਰਾਮ, ਅਬੋਹਰ ਤੋਂ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ, ਐਸ.ਐਸ.ਪੀ. ਸ਼੍ਰੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਤੀਸ਼ ਕੁਮਾਰ, ਐਸ.ਡੀ.ਐਮ. ਫ਼ਾਜ਼ਿਲਕਾ ਸ਼੍ਰੀ ਸੁਭਾਸ਼ ਚੰਦਰ ਖਟਕ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਾਂਗਰਸੀ ਆਗੂ ਸ਼੍ਰੀ ਵਿਮਲ ਠਠਈ, ਸ਼੍ਰੀ ਰੰਜਮ ਕਾਮਰਾ, ਸ਼੍ਰੀ ਬੀ.ਡੀ. ਕਾਲੜਾ, ਸ. ਨਰਿੰਦਰ ਸਿੰਘ, ਸ਼੍ਰੀ ਸੁਰਿੰਦਰ ਕਾਲੜਾ ਅਤੇ ਸ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

WRITTEN BY