Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜ੍ਹੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

Share this story

ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ

ਚੰਡੀਗੜ, 12 ਜੂਨ (ਪੰਜਾਬ ਟਾਇਮਜ਼ ਬਿਊਰੋ)- ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ ‘ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਪਰ ਅਜਿਹੇ ਕਦਮ ਚੁੱਕਣ ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਧਾ ਕਰਨ ਦੇ ਮਾਮਲੇ ਵਿੱਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂਜੋ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।

WRITTEN BY