May 28, 2026 11:45 am

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ

ਸ਼ਹੀਦੀ ਜੋੜ ਮੇਲੇ ਮੌਕੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਅੱਜ

ਜਲੰਧਰ, 15 ਜੂਨ- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 14 ਜੂਨ ਤੋਂ ਚੱਲ ਰਹੇ ਮੇਲੇ ਵਿੱਚ ਪਹਿਲੇ ਦਿਨ ਤੋਂ ਹੀ ਲਗਾਤਾਰ ਸੰਗਤਾਂ ਦਾ ਸੈਲਾਬ ਉਮੜ ਆਇਆ ਹੈ। 14 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਈ ਜਿਨ੍ਹਾਂ ਦੇ ਭੋਗ 16 ਜੂਨ ਦਿਨ ਐਤਵਾਰ ਪਾਏ ਜਾਣਗੇ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਵੱਡੀ ਗਿਣਤੀ ‘ਚ ਪੁੱਜੀ ਸੰਗਤ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤੇ। ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ ਦੁਕਾਨਾਂ ਸਜਾਈਆਂ ਗਈਆਂ ਅਤੇ ਤੇ ਬੱਚਿਆਂ ਆਦਿ ਦੇ ਖੇਡਣ ਲਈ ਪੰਘੂੜੇ ਵੀ ਚਾਲੂ ਕੀਤੇ ਗਏ ਹਨ ਤੇ ਮੇਲੇ ਨੂੰ ਲੈ ਕੇ ਦੇਸ਼-ਵਿਦੇਸ਼ ਦੀ ਸੰਗਤ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸ਼ਹੀਦੀ ਜੋੜ ਮੇਲੇ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੁੰਦੀਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਪਹਿਲੇ ਹੀ ਮੁਕੰਮਲ ਕਰ ਲਈਆਂ ਗਈਆਂ ਅਤੇ ਡੀ. ਸੀ. ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 16 ਜੂਨ ਨੂੰ ਪਾਏ ਜਾਣਗੇ, ਉਪਰੰਤ ਵਿਸ਼ੇਸ਼ ਢਾਈ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਭਾਈ ਬਲਬੀਰ ਸਿੰਘ ਪਾਰਸ, ਭਾਈ ਚਰਨ ਸਿੰਘ ਆਲਮਗੀਰ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਸਟੇਜ ਦਾ ਸੰਚਾਲਨ ਉੱਘੇ ਪੰਥਕ ਵਿਦਵਾਨ ਤੀਰਥ ਸਿੰਘ ਢਿੱਲੋਂ ਅਤੇ ਹਰਵਿੰਦਰ ਸਿੰਘ ਵੀਰ ਰਹੀਮਪੁਰੀ ਕਰਨਗੇ। ਇਸ ਤੋਂ ਪਹਿਲਾਂ ਅੱਜ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਉਂਕਾਰ ਸਿੰਘ ਊਨਾ ਸਾਹਿਬ ਵਾਲੇ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਐਸ. ਪੀ. (ਲੁਧਿਆਣਾ) ਦੀ ਅਗਵਾਈ ਹੇਠ ਖੇਡ ਮੇਲਾ ਵੀ ਕਰਵਾਇਆ ਜਾ ਰਿਹਾ ਹੈ।

Send this to a friend