Skip to content
Independent perspectives. Global stories.
BREAKING

ਮਜੀਠੀਆ ਦੀ ਬੇਨਤੀ ’ਤੇ ਗੌਰ ਸਬੰਧੀ ਸਿੰਘ ਸਾਹਿਬਾਨਾਂ ਵੱਲੋਂ ਫੈਸਲਾ ਅੱਜ

Share this story

image ਅੰਮ੍ਰਿਤਸਰ, 30 ਅਪ੍ਰੈਲ (ਦਵਾਰਕਾ ਨਾਥ ਰਾਣਾ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਮਈ ਨੂੰ ਰੱਖੀ ਗਈ ਇਕੱਤਰਤਾ ਵਿੱਚ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਨਿਮਾਣੇ ਸਿੱਖ ਵਜੋਂ ਪਹੁੰਚ ਕੇ ਆਪਣੀ ਗਲਤੀ ਸਵੀਕਾਰਦਿਆਂ ਹੋਈ ਭੁੱਲ ਚੁੱਕ ਲਈ ਗੁਰੂ ਪੰਥ ਤੋਂ ਮੁਆਫ਼ੀ ਦੀ ਕੀਤੀ ਗਈ ਬੇਨਤੀ ਸੰਬੰਧੀ ਵਿਚਾਰਾਂ ਹੋਣਗੀਆਂ। ਇਹ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਸ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਮੀਡੀਆ ਦੇ ਇੱਕ ਹਿੱਸੇ ’ਚ ਛਪੀਆਂ ਉਨ੍ਹਾਂ ਖ਼ਬਰਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਹੈ। ਸਿੰਘ ਸਾਹਿਬ ਜੀ ਵੱਲੋਂ

ਸਪੱਸ਼ਟ ਕਿਹਾ ਗਿਆ ਹੈ ਕਿ ਉਕਤ ਮੀਟਿੰਗ ਵਿੱਚ ਸਿੰਘ ਸਾਹਿਬਾਨਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਸਮੇਤ ਹੋਰ ਧਾਰਮਿਕ ਮਸਲਿਆਂ ’ਤੇ ਵਿਚਾਰ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਮਸਲਿਆਂ ਨੂੰ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸੁਪਰੀਮ ਸੰਸਥਾ ਹੈ, ਜਿੱਥੇ ਬਿਕਰਮ ਸਿੰਘ ਮਜੀਠੀਆ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਬਿਨਾ ਬੁਲਾਏ ਇਕ ਨਿਮਾਣੇ ਸਿੱਖ ਦੀ ਤਰਾਂ ਭੁੱਲ ਦੀ ਖਿਮਾ ਯਾਚਨਾ ਕਰਨ ਪਹੁੰਚਿਆ ਹੈ। ਸਿੰਘ ਸਾਹਿਬ ਜੀ ਵੱਲੋਂ ਇਹ ਵੀ ਆਦੇਸ਼ ਕੀਤਾ ਗਿਆ ਹੈ ਕਿ ਉਕਤ ਮਾਮਲਾ ਧਾਰਮਿਕ ਅਤੇ ਇੱਕ ਸੰਵੇਦਨਸ਼ੀਲ ਮੁੱਦਾ ਹੈ, ਜੋ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਚਾਰ ਅਧੀਨ ਹੈ, ਲਿਹਾਜ਼ਾ ਹਰੇਕ ਵਿਅਕਤੀ ਨੂੰ ਉਕਤ ਮੁੱਦੇ ਨੂੰ ਆਪਣੇ ਰਾਜਸੀ ਹਿਤਾਂ ਲਈ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈਂਦਿਆਂ ਉਕਤ ਤਰਾਂ ਦੇ ਮੁੱਦਿਆਂ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਨਾ ਕਰੇ। ਦਫ਼ਤਰ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਦੇ ਆਦੇਸ਼ਾਂ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇੱਕ ਮਈ ਨੂੰ ਹੋਣ ਵਾਲੀ ਇਕੱਤਰਤਾ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਜੀ ਨੂੰ ਸੱਦਾ ਪੱਤਰ ਭੇਜੇ ਜਾ ਚੁਕੇ ਹਨ।

WRITTEN BY