ਮੰਡੀ ਗੋਬਿੰਦਗੜ੍ਹ, 26 ਜੂਨ (ਮਨੋਜ ਭੱਲਾ)- ਨਸ਼ਿਆਂ ਦੀ ਦਲਦਲ ਵਿੱਚ ਕਿਸੇ ਵੀ ਪਰਿਵਾਰ ਦਾ ਬੱਚਾ ਫਸ ਸਕਦਾ ਹੈ ਇਸ ਲਈ ਸਾਨੂੰ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਆਪਣਾ ਬਣਦਾ ਫਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਨਸ਼ਾ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ ਜੋ ਕਿ ਸਾਡੇ ਸਾਰਿਆਂ ਲਈ ਗੰਭੀਰ ਚੁਣੌਤੀ ਦਾ ਵਿਸ਼ਾ ਹੈ, ਜੇਕਰ ਨਸ਼ਿਆਂ ਦੇ ਖਾਤਮੇ ਲਈ ਸਮੁੱਚਾ ਸਮਾਜ ਇੱਕ ਜੁੱਟ ਨਾ ਹੋਇਆ ਤਾਂ ਸਾਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਮਾਤਾ ਗੁਜ਼ਰੀ ਕਾਲਜ ਦੇ ਕਾਨਫਰੰਸ ਹਾਲ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ
ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕਰਵਾਏ ਗਏ ਨਸ਼ਿਆਂ ਖਿਲਾਫ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਨÎਸ਼ਿਆਂ ਖਿਲਾਫ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਮਾਸਟਰ ਯੋਜਨਾ ਤਿਆਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ ਅਤੇ ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਖਿਲਾਫ ਦਸਤਖਤੀ ਮੁਹਿੰਮ ਦਾ ਆਗਾਜ਼ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੇਕਰ ਉਸ ਨੂੰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਵੀ ਦਿੱਤੀ ਜਾ ਸਕਦੀ ਹੈ ਇਸ ਤੋਂ ਇਲਾਵਾ ਹੈਲਪ ਲਾਈਨ 181 ‘ਤੇ ਵੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ 2000 ਮਰੀਜਾਂ ਦਾ ਇਲਾਜ ਕਰਕੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਜਿਨ੍ਹਾਂ ਵਿੱਚੋਂ 80 ਫੀਸਦੀ ਮੁਕੰਮਲ ਤੌਰ ‘ਤੇ ਨÎਸ਼ਿਆਂ ਤੋਂ ਮੁਕਤ ਹੋ ਚੁੱਕੇ ਹਨ।ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ. ਚਰਨਜੀਤ ਸਿੰਘ, ਸੀਨੀਅਰ ਬੱਡੀ ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਹਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ, ਤਹਿਸੀਲਦਾਰ ਬਲਜਿੰਦਰ ਸਿੰਘ, ਜੀ.ਓ.ਜੀਜ਼, ਬਡੀਜ਼ ਅਤੇ ਹੋਰਨਾ ਵਰਗਾਂ ਦੇ ਲੋਕ ਵੀ ਮੌਜੂਦ ਸਨ।