ਚੰਡੀਗੜ, 27 ਜੂਨ (ਪੰਜਾਬ ਟਾਇਮਜ਼ ਬਿਊਰੋ)-ਪੀ.ਸੀ.ਐਮ.ਐਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲੇ ਲਈ ਯੋਗਤਾ ਮਾਪਦੰਡਾਂ ਵਿੱਚ ਰਾਹਤ ਦਿੱਤੀ ਗਈ ਹੈ। ਇਸ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲਾ ਲੈਣ ਵਾਲੇ ਡਾਕਟਰਾਂ ਨੂੰ ਯੋਗਤਾ ਮਾਪਦੰਡਾਂ ਵਿਚ ਰਾਹਤ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪਹਿਲਾਂ ਪੀ.ਸੀ.ਐਮ.ਐਸ. ਡਾਕਟਰਾਂ ਨੂੰ ਦਿਹਾਤੀ ਖੇਤਰਾਂ ਵਿੱਚ 4 ਸਾਲ ਦਾ ਔਖਾ ਸੇਵਾਕਾਲ ਪੂਰਾ ਕਰਨਾ ਹੁੰਦਾ ਸੀ ਅਤੇ ਹੋਰ ਦਿਹਾਤੀ ਖੇਤਰਾਂ ਵਿੱਚ 6 ਸਾਲ ਸੇਵਾਕਾਲ ਪੂਰਾ ਕਰਨ ਵਾਲਿਆਂ ਨੂੰ 30 ਫੀਸਦੀ ਇਨਸੈਂਟਿਵ ਮਾਰਕ ਦਿੱਤੇ ਜਾਂਦੇ ਸਨ ਅਤੇ ਉਹਨਾਂ ਨੂੰ ਪੋਸਟ ਗ੍ਰੈਜੂਏਟ ਕੋਰਸ ਕਰਨ ਲਈ ਆਗਿਆ ਦਿੱਤੀ ਜਾਂਦੀ ਸੀ। ਹੁਣ ਦਿਹਾਤੀ ਸੇਵਾਕਾਲ ਦੀ ਸਮੇਂ ਸੀਮਾ ਨੂੰ 4 ਸਾਲ ਤੋਂ ਘਟਾ ਕੇ 2 ਸਾਲ ਅਤੇ 6 ਸਾਲ ਤੋਂ ਘਟਾ ਕੇ 3 ਸਾਲ ਕਰ ਦਿੱਤਾ ਗਿਆ ਹੈ।