ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਵੱਖ-ਵੱਖ ਮੁੱਦਿਆਂ ‘ਤੇ ਪਹੁੰਚ ਬਾਰੇ ਹਮੇਸ਼ਾ ਵੱਡੇ ਵਿਵਾਦ ਪੈਦਾ ਹੁੰਦੇ ਰਹਿੰਦੇ ਹਨ। ਆਪਣੀ ਸੋਚ ਕਾਰਨ ਉਹ ਵਿਰੋਧੀ ਧਿਰ ਦੇ ਹਮੇਸ਼ਾ ਨਿਸ਼ਾਨੇ ਉੱਪਰ ਰਹਿੰਦੇ ਹਨ। ਇਹ ਗੱਲ ਵੱਖਰੀ ਹੈ ਕਿ ਉਹ ਵੱਖ-ਵੱਖ ਮੌਕਿਆਂ ਉੱਤੇ ਆਪਣੇ ਇਸ ਪ੍ਰਭਾਵ ਤੋਂ ਉੱਲਟ ਵਿਚਾਰਾਂ ਦਾ ਪ੍ਰਗਟਾਵਾ ਕਰ ਦਿੰਦੇ ਹਨ। ਅਜਿਹਾ ਕਰਦੇ ਸਮੇਂ ਉਹ ਪਾਰਟੀ ਜਾਂ ਸਰਕਾਰ ਦੇ ਹਿੱਤਾਂ ਨੂੰ ਵੀ ਦਰਕਿਨਾਰ ਕਰ ਦਿੰਦੇ ਹਨ। ਉਨ੍ਹਾਂ ਦੀ ਇਸ ਖਾਸੀਅਤ ਅਤੇ ਜ਼ੁਰਅਤ ਦੀ ਸ਼ਲਾਘਾ ਕਰਨੀ ਬਣਦੀ ਹੈ। ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਵੀ ਉਨ੍ਹਾਂ ਨੇ ਅਜਿਹੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸ਼ਾਬਾਸ਼ੀ ਦੇਣੀ ਚਾਹੀਦੀ ਹੈ। ਮੀਟਿੰਗ ਵਿੱਚ ਉਨ੍ਹਾਂ ਸਪੱਸ਼ਟ ਤੌਰ ‘ਤੇ ਆਖਿਆ ਹੈ ਕਿ ਪਾਰਟੀ ਦੇ ਨਾਮ ਉੱਪਰ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਾਰਟੀ ਨੇਤਾ ਕੁਝ ਗਲਤ ਕਰਦਾ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਗੱਲ ਸਾਰਿਆਂ ਉੱਤੇ ਲਾਗੂ ਹੋਵੇ। ਉਨ੍ਹਾਂ ਵੱਲੋਂ ਪਾਰਟੀ ਦੇ ਇਕ ਵਿਧਾਇਕ ਆਕਾਸ਼ ਵਿਜੇਵਰਗੀਆ ਦੇ ਮਾਮਲੇ ਸਬੰਧੀ ਸਪੱਸ਼ਟ ਰਾਏ ਰੱਖਣਾ ਕਾਫੀ ਅਹਿਮੀਅਤ ਰੱਖਦਾ ਹੈ। ਇਸ ਬਿਆਨ ਨਾਲ ਪ੍ਰਧਾਨ ਮੰਤਰੀ ਨੇ ਪਾਰਟੀ ਦੇ ਸਾਰੇ ਮੈਂਬਰਾਂ ਅਤੇ ਨੇਤਾਵਾਂ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਨੇਤਾ ਜਾਂ ਉਸ ਦੇ ਪਰਿਵਾਰ ਵੱਲੋਂ ਇਸ ਤਰ੍ਹਾਂ ਦਾ ਦੁਰਵਿਵਹਾਰ ਸਵੀਕਾਰ ਨਹੀਂ ਹੈ, ਚਾਹੇ ਉਹ ਕੋਈ ਵੀ ਹੋਵੇ। ਵੱਡੀ ਗੱਲ ਇਹ ਹੈ ਕਿ ਜਿਸ ਸਮੇਂ ਪ੍ਰਧਾਨ ਮੰਤਰੀ ਮੀਟਿੰਗ ਵਿੱਚ ਇਹ ਵਿਚਾਰ ਰੱਖ ਰਹੇ ਸਨ ਤਾਂ ਉਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਜੇ. ਪੀ. ਨੱਢਾ ਅਤੇ ਹੋਰ ਵੱਡੇ ਆਗੂ ਹਾਜ਼ਰ ਸਨ। ਵੱਡੇ ਨੇਤਾਵਾਂ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦਾ ਅਜਿਹੇ ਵੱਖਰੇ ਵਿਚਾਰ ਰੱਖਣਾ ਹੋਰ ਵੀ ਅਹਿਮ ਹੈ। ਇਹ ਚੰਗੀ ਗੱਲ ਹੈ ਕਿ ਉਹ ਪਾਰਟੀ ਨੇਤਾਵਾਂ ਦੇ ਬੁਰੇ ਵਿਵਹਾਰ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਲੀਪਾਪੋਚੀ ਦੀ ਨੀਤੀ ਨਹੀਂ ਅਪਣਾਈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਪਾਰਟੀ ਸਫਾ ਅਤੇ ਵਿਰੋਧੀ ਧਿਰਾਂ ਨੂੰ ਇਕ ਸਪੱਸ਼ਟ ਸੰਦੇਸ਼ ਗਿਆ ਹੈ ਕਿ ਅਜਿਹੇ ਦੁਰਵਿਵਹਾਰ ਨੂੰ ਪ੍ਰਧਾਨ ਮੰਤਰੀ ਦੀ ਤਰਫ ਤੋਂ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਦਿੱਤੀ ਜਾ ਰਹੀ। ਲਾਜ਼ਮੀ ਤੌਰ ‘ਤੇ ਇਸ ਨਾਲ ਸਿਆਸਤ ਨੂੰ ਹੋਰ ਵਧੇਰੇ ਨਿਰਮਲ ਬਣਾਉਣ ਵਿੱਚ ਮੱਦਦ ਮਿਲੇਗੀ। ਚੰਗਾ ਹੋਵੇਗਾ ਜੇਕਰ ਪ੍ਰਧਾਨ ਮੰਤਰੀ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਹੋਰ ਮੌਕਿਆਂ ‘ਤੇ ਅਜਿਹੇ ਵਿਵਹਾਰ ਵਿਰੁੱਧ ਵੀ ਤਿੱਖੀ ਆਵਾਜ਼ ਉਠਾਉਣ ਤਾਂ ਜੋ ਦੇਸ਼ ਵਿੱਚ ਲੋਕਤੰਤਰੀ ਮਾਹੌਲ ਨੂੰ ਕਾਇਮ ਰੱਖਿਆ ਜਾ ਸਕੇ।
– ਬਲਜੀਤ ਸਿੰਘ ਬਰਾੜ