ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

ਟਵਿੱਟਰ ‘ਤੇ ਸਾਂਝੀ ਕੀਤੀ ਰਾਹੁਲ ਗਾਂਧੀ ਨੂੰ 10 ਜੂਨ ਨੂੰ ਭੇਜੀ ਚਿੱਠੀ

ਚੰਡੀਗੜ੍ਹ, 14 ਜੁਲਾਈ- ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਦੱਸ ਦੇਈਏ ਕਿ ਸਿੱਧੂ ਆਪਣਾ ਮੰਤਰਾਲਾ ਬਦਲੇ ਜਾਣ ਤੋਂ ਨਾਰਾਜ਼ ਚੱਲ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਿਸ਼ਤਿਆਂ ‘ਚ ਖਟਾਸ ਅਤੇ ਆਪਣਾ ਵਿਭਾਗ ਬਦਲੇ ਜਾਣ ਮਗਰੋਂ ਸਿੱਧੂ 9 ਜੂਨ ਤੋਂ ਬਾਅਦ ਪਹਿਲੀ ਵਾਰ ਸੋਸ਼ਲ ਮੀਡੀਆ ‘ਤੇ ਐਕਟਿਵ ਹੋਏ ਹਨ। ਇੱਕ ਹੋਰ ਟਵੀਟ ਕਰਦਿਆਂ ਸਿੱਧੂ ਨੇ ਲਿਖਿਆ ਕਿ ਮੈਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਜਾ ਰਿਹਾ ਹਾਂ। ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਹਾਲੇ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਨਹੀਂ ਮਿਲਿਆ। ਸਿੱਧੂ ਕਾਫੀ ਦਿਨਾਂ ਤੋਂ ਰਾਜਨੀਤੀ ‘ਚੋਂ ਗਾਇਬ ਸਨ। ਜ਼ਿਕਰਯੋਗ ਹੈ ਕਿ 10 ਜੂਨ ਨੂੰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲੇ ਸਨ ਤੇ ਉਦੋਂ ਹੀ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ ਜਿਸ ਨੂੰ ਜਨਤਕ ਅੱਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਦਰਅਸਲ ਸਿੱਧੂ ਨੇ ਲੋਕ ਸਭਾ ਚੋਣਾਂ ਵਿੱਚ ਕੈਪਟਨ ਤੇ ਬਾਦਲਾਂ ਦੇ ਮਿਲੇ ਹੋਣ ਦਾ ਇਸ਼ਾਰਾ ਕੀਤਾ ਸੀ। ਇਸ ਮਗਰੋਂ ਕੈਪਟਨ ਨੇ ਸਿੱਧੂ ‘ਤੇ ਵਾਰ ਕਰਦਿਆਂ ਕਿਹਾ ਸੀ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਮਾੜੀ ਕਾਰਗੁਜਾਰੀ ਕਰਕੇ ਸ਼ਹਿਰਾਂ ਵਿੱਚ ਹੀ ਕਾਂਗਰਸ ਹਾਰੀ ਹੈ।

Send this to a friend