April 22, 2026 6:19 am

ਬਾਜਵਾ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪਲੇਠੀ ਮੀਟਿੰਗ

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣ : ਕੈਬਨਿਟ ਵਜ਼ੀਰ ਬਾਜਵਾ

ਗੁਰਦਾਸਪੁਰ, 22 ਜੁਲਾਈ (ਅਰਵਿੰਦਰ ਮਠਾਰੂ)- ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਹੋਈ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ, ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ੋਕ ਚੋਧਰੀ, ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ, ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਓਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ ਬਟਾਲਾ ਸਮੇਤ ਜ਼ਿਲੇ ਦੇ ਸਮੂਹ ਅਧਿਕਾਰੀ ਤੇ ਕਮੇਟੀ ਮੈਂਬਰ ਮੋਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਵਜੀਰ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕਰਨ ਦਾ ਮੁੱਖ ਮੰਤਵ ਜਿਲੇ ਦੀਆਂ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨਾਂ ਦਾ ਹੱਲ ਕਰਵਾਉਣਾ ਹੈ। ਉਨਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ਤੇ ਕੰਮ ਕਰਨ ਤੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਪੁਹੰਚਾਉਣ। ਸ. ਬਾਜਵਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਤਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤਾਂ ਦੀ ਨਿਸ਼ਾਨਦੇਹੀ ਕਰਨ ਵਿਚ ਕੋਈ ਕੁਤਾਹੀ ਵਾ ਵਰਤੀ ਜਾਵੇ ਅਤੇ ਪਹਿਲ ਦੇ ਆਧਾਰ ਤੇ ਨਿਸ਼ਾਨਦੇਹੀ ਦਾ ਕੰਮ ਮੁਕੰਮਲ ਕੀਤਾ ਜਾਵੇ।

Send this to a friend