ਸ੍ਰੀ ਗੋਇੰਦਵਾਲ ਸਾਹਿਬ 22 ਜੁਲਾਈ (ਰਣਜੀਤ ਦਿਓਲ)- ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਚੱਲੀ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਪ੍ਰਕਾਸ਼ ਯਾਤਰਾ ਨਾਲ ਚੱਲ ਕੇ ਆਏ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਸਿੰਘ ਸਾਹਿਬਾਨ ਭਾਈ ਰਾਮ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਝੀਰਾ ਬਿਦਰ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਪ੍ਰਧਾਨ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਸਾਹਿਬ ਵੱਲੋਂ ਆਪਣੀਆਂ ਉਦਾਸੀਆਂ ਦੌਰਾਨ ਭਾਰਤ ਵਿੱਚ ਜਿਸ ਜਗ੍ਹਾ ਆਪਣੇ ਮੁਬਾਰਕ ਚਰਨ ਪਾਏ ਹਨ, ਉਹਨਾਂ ਗੁਰਧਾਮਾਂ ਤੋਂ ਹੁੰਦੀ ਹੋਈ ਇਹ ਯਾਤਰਾ ਬਿਦਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਸੰਗਤਾਂ ਵੱਲੋਂ ਇਸ ਯਾਤਰਾ ਦਾ ਬਹੁਤ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ,ਉਹਨਾਂ ਦੱਸਿਆ ਕਿ ਇਸ ਮੌਕੇ 550 ਸਾਲਾ ਪ੍ਰਕਾਸ਼ ਦਿਹਾੜੇ ਦੀ ਯਾਦ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਨਾਮ ਤੇ 10 ਗ੍ਰਾਮ ਅਤੇ 20 ਗ੍ਰਾਮ ਚਾਂਦੀ ਦੇ ਸਿੱਕੇ ਜਾਰੀ ਕੀਤੇ ਗਏ ਹਨ। ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪ੍ਰੇਮ ਸਿੰਘ ਪੰਨੂ ਅਤੇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਬਾਬਾ ਘੋਲਾ ਸਿੰਘ ਜੀ ਦੇ ਸੇਵਕ ਬਾਬਾ ਦਵਿੰਦਰ ਸਿੰਘ ਸੋਨੂੰ ਵੱਲੋਂ ਯਾਤਰਾ ਨਾਲ ਆਏ ਸਿੰਘ ਸਹਿਬਾਨਾਂ, ਪੰਜ ਪਿਆਰਿਆਂ ਅਤੇ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਤਰਨ ਤਾਰਨ ਦੀ ਪੁਲਿਸ ਟੁਕੜੀ ਵੱਲੋਂ ਏ.ਐਸ.ਆਈ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਯਾਤਰਾ ਦੌਰਾਨ ਟ੍ਰੈਫਿਕ ਇੰਚਾਰਜ ਏ.ਐਸ.ਆਈ ਵਿਨੋਦ ਕੁਮਾਰ,ਏ.ਐਸ.ਆਈ ਬਿਕਰਮਜੀਤ ਸਿੰਘ, ਹੈੱਡ ਕਾਂਸਟੇਬਲ ਨਰਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਯਾਤਰਾ ਦੌਰਾਨ ਟ੍ਰੈਫਿਕ ਨੂੰ ਕੰਟਰੋਲ ਕਰਕੇ ਬਾਖੂਬੀ ਸੇਵਾ ਨਿਭਾਈ।