ਬਰਨਾਲਾ, 29 ਜੁਲਾਈ (ਨਿਰਮਲ ਸਿੰਘ ਪੰਡੋਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੰਜੀਦਾ ਹਨ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਗੁਣਾਤਮਿਕ ਸੁਧਾਰ ਲਿਆ ਕੇ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਅੰਕਿਤ ਬਾਂਸਲ ਨੇ ਆਪਣੀ ਮਹਿਲ ਕਲਾਂ ਫੇਰੀ ਦੌਰਾਨ ”ਪੰਜਾਬ ਟਾਇਮਜ਼” ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦੇਣ ਲਈ ਅਤੇ ਦਸ਼ਾ ਸੁਧਾਰਨ ਲਈ ਵਚਨਬੱਧ ਹੈ ਤੇ ਇਸ ਪਾਸੇ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦੇ ਸਾਰਥਕ ਸਿੱਟੇ ਨਿਕਲਣਗੇ। ਸੂਬੇ ‘ਚ ਨਸ਼ੇ ਦੇ ਗੰਭੀਰ ਮੁੱਦੇ ਉੱਪਰ ਗੱਲ ਕਰਦਿਆਂ ਅੰਕਿਤ ਬਾਂਸਲ ਨੇ ਕਿਹਾ ਕਿ ਨਸ਼ੇ ਦੀ ਬਿਮਾਰੀ ਨੂੰ ਜੜੋਂ ਪੁੱਟਣ ਲਈ ਇੱਕ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਇਸ ਯੋਜਨਾ ਦੀ ਫੀਡਬੈਕ ਖੁਦ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਪੰਜਾਬ ਦੀ ਹੀ ਨਹੀਂ ਸਗੋਂ ਇੱਕ ਅੰਤਰਰਾਸ਼ਟਰੀ ਸਮੱਸਿਆ ਹੈ ਜੋ ਅੱਤਵਾਦ ਵਾਂਗ ਫੈਲਾਈ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਲਈ ਸਿਰਫ਼ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਜ਼ਾਇਜ ਨਹੀਂ ਹੈ ਕਿਉਂਕਿ ਨਸ਼ਾ ਪੰਜਾਬ ‘ਚ ਪੈਦਾ ਨਹੀਂ ਹੁੰਦਾ ਸਗੋਂ ਇਹ ਗੁਆਂਢੀ ਦੇਸ਼ਾਂ ਅਤੇ ਪੰਜਾਬ ਦੇ ਗੁਆਂਢੀ ਰਾਜਾਂ ਤੋਂ ਭੇਜਿਆ ਜਾ ਰਿਹਾ ਹੈ। ਸ੍ਰੀ ਅੰਕਿਤ ਬਾਂਸਲ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦਾ ਖੁੱਲਣਾ ਪੰਜਾਬ ਲਈ ਇੱਕ ਤੋਹਫਾ ਹੈ ਅਤੇ ਸਰਕਾਰ ਇਸ ਮੌਕੇ ਨੂੰ ਯਾਦਗਰ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੈ। ਮੁੱਖ ਮੰਤਰੀ ਨਾਲ ਬਤੌਰ ਓਐਸਡੀ ਆਪਣੀ ਨਿਯੁਕਤੀ ‘ਤੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅੰਕਿਤ ਬਾਂਸਲ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਰਾਜਨੀਤੀ ਦੇ ਹੰਢੇ ਹੋਏ ਤੇ ਇਮਾਨਦਾਰ ਨੇਤਾ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਨੌਜਵਾਨ ਵਰਗ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਸਮਾਜ ਸੇਵੀ ਮੇਵਾ ਸਿੰਘ ਪੰਡੋਰੀ, ਕਾਂਗਰਸੀ ਆਗੂ ਬਲਵੰਤ ਸ਼ਰਮਾ ਹਮੀਦੀ, ਰਫੀਕ ਮਹੁੰਮਦ, ਗੁਰਦੀਪ ਸਿੰਘ ਦੀਵਾਨਾ ਆਦਿ ਵੀ ਹਾਜ਼ਰ ਸਨ।